ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਪੂਰੇ ਐਕਸ਼ਨ ਮੋਡ ’ਚ ਹੈ। ਇਸੇ ਦੇ ਚੱਲਦੇ ਭ੍ਰਿਸ਼ਟਾਚਾਰ ਮਾਮਲੇ ’ਚ ਲਗਾਤਾਰ ਵੱਡੀ-ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਖੇਤੀਬਾੜੀ ਵਿਭਾਗ ਵਲੋਂ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾ ਦੀ ਵੰਡ ਵਿਚ ਮੁਢਲੇ ਤੌਰ ‘ਤੇ 150 ਕੋਰੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੂਬੇ ’ਚ 3 ਸਾਲਾਂ ਤੋਂ ਖਰੀਦੀ ਗਈ 11,275 ਮਸ਼ੀਨਾਂ ਬਾਰੇ ਕੁਝ ਪਤਾ ਨਹੀਂ ਚੱਲ ਰਿਹਾ ਹੈ ਜਿਸ ਦੇ ਚੱਲਦੇ ਵਿਭਾਗ ਵੱਲੋਂ ਇਸ ਸਬੰਧੀ ਜਾਂਚ ਤਚ ਤੇਜ਼ੀ ਲਿਆਈ ਗਈ ਹੈ।
ਮੀਡੀਆ ਰਿਪੋਰਟਾਂ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਘੁਟਾਲੇ ਦੇ ਸਬੂਤ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਵਿਜੀਲੈਂਸ ਨੂੰ ਇਸ ਸਬੰਧੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਇਨ੍ਹਾਂ ਮਸ਼ੀਨਾਂ ਦੀ ਖਰੀਦ ਦੇ ਲਈ ਕੇਂਦਰ ਕੋਲੋਂ 1178 ਕਰੋੜ ਦੀ ਸਬਸਿਡੀ ਆਈ ਸੀ। ਉਸ ਸਮੇਂ ਖੇਤੀ ਵਿਭਾਗ ਨੂੰ ਉਸ ਸਮੇਂ ਸੀਐੱਮ ਰਹੇ ਕੈਪਟਨ ਅਮਰਿੰਦਰ ਸਿੰਘ ਸਾਂਭ ਰਹੇ ਸੀ ਜਿਸ ਤੋਂ ਬਾਅਦ ਉਹ ਵੀ ਜਾਂਚ ਦੇ ਘੇਰੇ ਚ ਆ ਗਏ ਹਨ।
ਜਾਂਚ ਦੇ ਘੇਰੇ ’ਚ ਸਾਬਕਾ ਸੀਐੱਮ ਕੈਪਟਨ: ਮਾਮਲੇ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ ਮਸ਼ੀਨਾਂ ਨੂੰ ਸਹੀ ਢੰਗ ਨਾਲ ਵੰਢਣ ਦੀ ਜ਼ਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਦੀ ਸੀ। ਫਿਲਹਾਲ ਇਸ ਘੁਟਾਲੇ ਦੀ ਜਾਂਚ ਦੇ ਘੇਰੇ ਵਿੱਚ ਕੈਪਟਨ ਅਮਰਿੰਦਰ ਸਿੰਘ ਵੀ ਰਹਿਣਗੇ। ਜਾਂਚ ਦੌਰਾਨ ਲੋੜ ਪਈ ਤਾਂ ਕੈਪਟਨ ਅਮਰਿੰਦਰ ਸਿੰਘ ਕੋਲੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਕੈਬਨਿਟ ਮੰਤਰੀ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ 150 ਕਰੋੜ ਨੂੰ ਰਿਕਵਰ ਕਰੇਗੀ ਅਤੇ ਜਾਂਚ ਚ ਜ਼ਿੰਮੇਵਾਰ ਲੋਕਾਂ ’ਤੇ ਐਕਸ਼ਨ ਲਵੇਗੀ।
ਕਈ ਥਾਵਾਂ ਤੋਂ ਮਿਲੀਆਂ ਹਨ ਰਿਪੋਰਟਾਂ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਲ ਨੇ ਦੱਸਿਆ ਕਿ ਸਕੀਮ ਅਧੀਨ ਫੀਲਡ ਵਿੱਚੋਂ ਕਈ ਥਾਵਾਂ ਤੋਂ ਇਹ ਰਿਪੋਰਟ ਮਿਲਣ ਉਪਰੰਤ ਕਿ ਸਕੀਮ ਅਧੀਨ ਸਬਸਿਡੀ ਤੇ ਮੁਹੱਈਆ ਕਰਵਾਏ ਗਏ ਸੰਦ ਫੀਲਡ ਵਿੱਚ ਉਪਲੱਬਧ ਨਹੀਂ ਹਨ। ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਵੱਲੋਂ ਸਾਲ 2018-19 ਤੋਂ ਸਾਲ 2021-22 ਤੱਕ ਸਕੀਮ ਅਧੀਨ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਦੀ ਲਾਭਪਾਤਰੀਆਂ ਦੇ ਕੋਲ ਹੋਣ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾਉਣ ਦਾ ਫੈਸਲਾ ਲਿਆ ਗਿਆ।
ਬਾਰੀਕੀ ਨਾਲ ਕੀਤੀ ਜਾਵੇਗੀ ਜਾਂਚ: ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ‘ਤੇ ਕੀਤੀ ਗਈ ਜਾਂਚ ਦੌਰਾਨ ਇਹ ਘਪਲਾ 125-150 ਕਰੋੜ ਰੁਪਏ ਤੱਕ ਜਾਪਦਾ ਹੈ, ਜਿਸ ਦੀ ਬਰੀਕੀ ਨਾਲ ਜਾਂਚ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਵਿਜੀਲੈਂਸ ਵਿਭਾਗ ਨੂੰ ਲਿਖਿਆ ਗਿਆ ਹੈ।
ਇਹ ਸੀ ਮਾਮਲਾ: ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਸਾਲ 2018-19 ਤੋਂ 2021-22 ਦੇ ਦੌਰਾਨ ਕਿਸਾਨਾਂ ਨੂੰ 90,422 ਮਸ਼ੀਨਾਂ ਵੰਡੀਆਂ ਗਈਆਂ ਸੀ। ਇਨ੍ਹਾਂ ਮਸ਼ੀਨਾਂ ਦੇ ਲਈ ਕੇਂਦਰ ਕੋਲੋਂ ਸਬਸਿਡੀ ਆਈ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਸ਼ੀਨਾਂ ਚ ਹੋਏ ਘੁਟਾਲਾ ਹੋਣ ਦਾ ਮਾਮਲਾ ਸਾਹਮਣੇ ਆਇਆ। ਘੁਟਾਲੇ ਮੁਤਾਬਿਕ ਕਾਫੀ ਜ਼ਿਲ੍ਹਿਆਂ ’ਚ ਮਸ਼ੀਨਾਂ ਦਾ ਰਿਕਾਰਡ ਨਹੀਂ ਹੈ ਨਾਲ ਹੀ ਇਹ ਵੀ ਪਤਾ ਨਹੀਂ ਲੱਗਾ ਹੈ ਕਿ ਮਸ਼ੀਨਾਂ ਕਿਸਨੂੰ ਦਿੱਤੀਆਂ ਗਈਆਂ ਹਨ। ਮੀਡੀਆ ਰਿਪੋਰਟ ਦਾ ਮੰਨੀਏ ਤਾਂ 13 ਫੀਸਦ ਮਸ਼ੀਨਾ ਇਸ ਸਬੰਧੀ ਗਾਇਬ ਮਿਲੀਆਂ ਹਨ।
ਇਹ ਵੀ ਪੜੋ: ਪਾਲਕੀ ਸਾਹਿਬ ਦੇ ਦਰਸ਼ਨ ਕਰਨ ਲਈ ਖੜੇ ਬਜ਼ੁਰਗ ਨਾਲ ਕੁੱਟਮਾਰ, ਦੇਖੋ ਵੀਡੀਓ