ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਮੰਗਲਵਾਰ 18 ਅਗਸਤ ਨੂੰ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਮੁੱਦੇ ’ਤੇ ਬੈਠਕ ਹੋਵੇਗੀ। ਇਸ ਦੌਰਾਨ ਬੈਠਕ ਵਿੱਚ ਦੋਹਾਂ ਮੁੱਖ ਮੰਤਰੀਆਂ ਨਾਲ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਵੀ ਮੌਜੂਦ ਰਹਿਣਗੇ।
ਬੈਠਕ ਤੋਂ ਇੱਕ ਦਿਨ ਪਹਿਲਾਂ ਕੈਪਟਨ ਅਮਰਿੰਦਰ ਦੇ ਵਜ਼ੀਰ ਸਾਧੂ ਸਿੰਘ ਧਰਮਸੋਤ ਦਾ ਬਿਆਨ ਸਾਹਮਣੇ ਆਇਆ ਹੈ। ਧਰਮਸੋਤ ਨੇ ਕਿਹਾ ਕਿ ਕੈਪਟਨ ਪੰਜਾਬੀਆਂ ਦੀ ਰਾਖੀ ਕਰਨਗੇ ਅਤੇ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦਾ ਪਾਣੀ ਹੋਰਨਾਂ ਸੂਬਿਆਂ ਨੂੰ ਦੇਣ ਲਈ ਸਹਿਮਤ ਨਹੀਂ ਹਾਂ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ 28 ਜੁਲਾਈ ਨੂੰ ਸੁਣਵਾਈ ਦੌਰਾਨ ਕਿਹਾ ਸੀ ਕਿ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਮਿਲ ਕੇ ਐਸਵਾਈਐਲ ਮੁੱਦੇ ਦਾ ਹੱਲ ਲੱਭਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਗੱਲਬਾਤ ਲਈ 3 ਹਫ਼ਤਿਆਂ ਦਾ ਸਮਾਂ ਦਿੱਤਾ ਸੀ। ਮੰਗਲਵਾਰ ਯਾਨੀ ਕਿ ਭਲਕੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ ਗੱਲਬਾਤ ਕਰਨਗੇ। ਗੱਲਬਾਤ ਦੀ ਰਿਪੋਰਟ ਵੀ ਸੁਪਰੀਮ ਕੋਰਟ ਨੂੰ ਸੌਂਪੀ ਜਾਵੇਗੀ।