ਚੰਡੀਗੜ੍ਹ: ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਾਇਰਲ ਵੀਡੀਓ ਵਾਲੇ ਮਾਮਲੇ 'ਤੇ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਕਿ ਪਹਿਲਾਂ ਮੀਡੀਆ ਟਰਾਇਲ ਖ਼ਤਮ ਹੋ ਜਾਵੇ ਤੇ ਸਾਈਬਰ ਸੈੱਲ ਆਪਣੀ ਕਾਰਵਾਈ ਪੂਰੀ ਕਰ ਲਵੇ। ਇਸ ਤੋਂ ਬਾਅਦ ਉਹ ਖ਼ੁਦ ਮੀਡੀਆ ਦੇ ਸਾਹਮਣੇ ਆਪਣਾ ਪੱਖ ਰੱਖਣਗੇ।
ਇਸ ਦੇ ਨਾਲ ਹੀ ਜਦੋਂ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਵਿਰੋਧੀ ਭਾਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਸ਼ਿਕਾਇਤ ਦਰਜ ਕਰਵਾਉਣ ਪਰ ਉਹ ਬੇਕਸੂਰ ਹਨ।
ਰੰਧਾਵਾ ਨੇ ਅਕਾਲੀਆਂ 'ਤੇ ਨਿਸ਼ਾਲਾ ਸਾਧਦਿਆਂ ਕਿਹਾ ਕਿ ਪਹਿਲਾਂ ਉਹ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਦੀ ਲਾਈ ਅਰਜ਼ੀ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ। ਇਸ ਦੇ ਨਾਲ ਹੀ ਬਿਕਰਮ ਮਜੀਠੀਆ ਵੱਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਬਾਰੇ ਬੋਲਦਿਆਂ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਬਿਕਰਮ ਮਜੀਠੀਆ ਨੂੰ ਧਮਕੀ ਦੇਣ ਵਾਲਾ ਵਿਅਕਤੀ ਬਠਿੰਡੇ ਦਾ ਹੈ ਤੇ ਹੋ ਸਕਦਾ ਹੈ ਕਿ ਇਹ ਇਨ੍ਹਾਂ ਦਾ ਹੀ ਕੋਈ ਕੀਤਾ ਕਰਵਾਇਆ ਹੋਵੇ। ਰੰਧਾਵਾ ਨੇ ਇੱਥੋਂ ਤੱਕ ਕਿਹਾ ਕਿ ਜਿਹੜੇ ਲੋਕ ਗੁਰੂ ਤੋਂ ਬੇਮੁੱਖ ਹੋ ਚੁੱਕੇ ਹੋਣ, ਉਹ ਜਿੰਨਾ ਮਰਜ਼ੀ ਕਿਸੇ ਦੇ ਚਰਿੱਤਰ 'ਤੇ ਸਵਾਲ ਚੁੱਕਣ ਲੈਣ ਪਰ ਇਸ ਮਕਸਦ 'ਚ ਉਹ ਕਦੇ ਕਾਮਯਾਬ ਨਹੀਂ ਹੋ ਸਕਦੇ।