ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਮਾਮਲੇ 'ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਦੇ ਹੁਕਮਾਂ 'ਤੇ ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਅਤੇ ਸਮਾਧੀ ਨੂੰ ਹਾਲ ਹੀ ਵਿੱਚ ਢਾਹ ਦੇਣ ਨਾਲ ਰਵਿਦਾਸ ਭਾਈਚਾਰੇ ਵਿੱਚ ਪੈਦਾ ਹੋਏ ਤਣਾਅ ਨੂੰ ਹੱਲ ਕਰਨ ਲਈ ਕੈਪਟਨ ਨੇ ਪੀਐਮ ਮੋਦੀ ਨੂੰ ਨਿੱਜੀ ਤੌਰ 'ਤੇ ਇਸ ਮਾਮਲੇ 'ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਇਹ ਅਪੀਲ ਗੁਰੂ ਰਵਿਦਾਸ ਜੈਅੰਤੀ ਸਮਾਰੋਹ ਸਮਿਤੀ ਦੇ ਬੈਨਰ ਹੇਠ ਭਾਈਚਾਰੇ ਦੇ ਮੈਂਬਰਾਂ ਵੱਲੋਂ ਕੀਤੇ ਸੂਬਾ ਪੱਧਰੀ ਪ੍ਰਦਰਸ਼ਨਾਂ ਤੋਂ ਬਾਅਦ ਕੀਤੀ ਜਿਨ੍ਹਾਂ ਨੇ 13 ਅਗਸਤ ਨੂੰ ਦੇਸ਼ ਬੰਦ ਦਾ ਸੱਦਾ ਦਿੱਤਾ ਅਤੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਹ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਜੋ ਇਸ ਧਾਰਮਿਕ ਢਾਂਚੇ ਨੂੰ ਢਾਹੁਣ ਦਾ ਕਾਰਨ ਬਣਿਆ ਪਰ ਉਹ ਨਿੱਜੀ ਤੌਰ 'ਤੇ ਇਤਿਹਾਸਕ ਮਹੱਤਤਾ ਵਾਲੇ ਕਿਸੇ ਵੀ ਸਮਾਰਕ ਸਥਾਨ ਜਾਂ ਢਾਂਚੇ ਨੂੰ ਢਾਹੁਣ ਦੇ ਹੱਕ ਵਿਚ ਨਹੀਂ ਹਨ ਜਿਸ ਨਾਲ ਕਿਸੇ ਵੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਦੀ ਹੋਵੇ।
ਮੁੱਖ ਮੰਤਰੀ ਨੇ ਭਾਈਚਾਰੇ ਨੂੰ ਆਪਣੇ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਕੇਂਦਰ ਸਰਕਾਰ ਨਾਲ ਇਸ ਮਸਲੇ ਦਾ ਸੁਖਾਵਾਂ ਹੱਲ ਕੱਢਣ ਲਈ ਭਾਈਚਾਰੇ ਨੂੰ ਪੂਰਾ ਸਹਿਯੋਗ ਦੇਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੂੰ ਇਸ ਸੰਵੇਦਨਸ਼ੀਲ ਮੁੱਦੇ ਦੇ ਹੱਲ ਲਈ ਦਖ਼ਲ ਦੇਣ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਨਿੱਜੀ ਤੌਰ 'ਤੇ ਗੱਲਬਾਤ ਕਰਕੇ ਇਹ ਜਗ੍ਹਾ ਮੁੜ ਅਲਾਟ ਕਰਨ ਦੀ ਮੰਗ ਕੀਤੀ ਤਾਂ ਕਿ ਭਾਈਚਾਰੇ ਵੱਲੋਂ ਸਰੋਵਰ ਸਮੇਤ ਮੰਦਰ ਦਾ ਮੁੜ ਨਿਰਮਾਣ ਕੀਤਾ ਜਾ ਸਕੇ ਜਿਸ ਨੂੰ ਢਾਹ ਦਿੱਤਾ ਗਿਆ ਸੀ। ਇਹ ਜਗ੍ਹਾ ਦਿੱਲੀ ਵਿਕਾਸ ਅਥਾਰਟੀ ਨਾਲ ਸਬੰਧਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਸਲੇ ਦੀ ਸੰਵੇਦਨਸ਼ੀਲਤਾ ਅਤੇ ਗੰਭੀਰਤਾ ਨੂੰ ਸਮਝਦੇ ਹੋਏ ਇਹ ਬਹੁਤ ਜ਼ਰੂਰੀ ਹੈ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਵੱਲੋਂ ਇਸ ਸਥਾਨ ਦੇ ਮੂਲ ਢਾਂਚੇ ਅਤੇ ਰੂਪ-ਰੇਖਾ ਨੂੰ ਬਹਾਲ ਕਰਨ ਲਈ ਸਾਰੇ ਸੰਭਵ ਕਦਮ ਚੁੱਕੇ ਜਾਣ।