ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਅੱਜ ਦੁਪਹਿਰ ਸੂਬਾਈ ਦਿਹਾਤੀ ਵਿਕਾਸ ਬੋਰਡ ਦੀ 45ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਸੰਪਰਕ ਸੜਕਾਂ ਦੀ ਮੁਰੰਮਤ ਵਾਸਤੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਮੰਡੀ ਬੋਰਡ ਦੇ ਸਕੱਤਰ ਨੂੰ ਹਦਾਇਤ ਜਾਰੀ ਕੀਤੀ ਤਾਂ ਜੋ ਇਨ੍ਹਾਂ ਨੂੰ ਸਮੇਂ ਸੀਮਾ ਵਿੱਚ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।
ਮੀਟਿੰਗ ਸਬੰਧੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਿਸਾਨ ਖੇਤੀ ਕਰਜ਼ਾ ਫੰਡਾਂ ਵਿੱਚ ਵਾਧਾ ਕੀਤੇ ਜਾਣ ਨਾਲ ਇਸ ਸਕੀਮ ਦਾ ਹੋਰ ਪ੍ਰਸਾਰ ਕਰਨ ਵਿੱਚ ਮਦਦ ਮਿਲੇਗੀ ਅਤੇ ਇਸ ਨਾਲ ਕਰਜ਼ੇ ਵਿੱਚ ਦੱਬੇ ਹੋਰ ਕਿਸਾਨਾਂ ਨੂੰ ਇਸ ਸਕੀਮ ਦੇ ਹੇਠ ਲਿਆਂਦਾ ਜਾ ਸਕੇਗਾ।
ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਰਾਹਤ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਵਿੱਚ ਫੰਡਾਂ ਦੀ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਕਰਜ਼ਾ ਮੁਆਫ਼ੀ ਸਕੀਮ ਦੇ ਹੇਠ ਬੇਜ਼ਮੀਨੇ ਕਿਸਾਨਾਂ ਨੂੰ ਵੀ ਲਿਆਉਣ ਲਈ ਪਹਿਲਾਂ ਹੀ ਯਤਨ ਕਰ ਰਹੀ ਹੈ।