ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਬੋਨਸ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮਹਿੰਗਾਈ ਭੱਤੇ (ਡੀਏ) ਦੀ 3 ਫ਼ੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ।
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ 'ਚ 3 ਫੀਸਦੀ ਦੇ ਵਾਧੇ ਦਾ ਐਲਾਨ ਕੀਤਾ ਹੈ, ਜਿਸ ਦੀ ਪਹਿਲੀ ਕਿਸ਼ਤ ਨਵੰਬਰ ਤੋਂ ਜਾਰੀ ਕਰਨ ਦਾ ਦਾਅਵਾ ਕੀਤਾ ਗਿਆ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ, "ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਸਰਕਾਰੀ ਖਜ਼ਾਨੇ 'ਤੇ ਸਾਲਾਨਾ 480 ਕਰੋੜ ਰੁਪਏ ਖ਼ਰਚ ਆਉਣਗੇ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ 1 ਨਵੰਬਰ, 2019 ਤੋਂ ਲਾਗੂ ਹੋਵੇਗਾ।
ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸੂਬੇ ਦੀਆਂ ਵਿੱਤੀ ਰੁਕਾਵਟਾਂ ਦੇ ਬਾਵਜੂਦ ਲਿਆ ਗਿਆ ਹੈ। ਉਨ੍ਹਾਂ ਸਰਕਾਰ ਦੀ ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ਤੇ ਸਾਰੇ ਮੁਲਾਜ਼ਮਾਂ ਦੀ ਮਿਹਨਤ ਤੇ ਲਗਨ ਲਈ ਧੰਨਵਾਦ ਕੀਤਾ।