ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਹੁਕਮ ਜਾਰੀ ਕੀਤੇ ਹਨ ਕਿ ਇਸ ਮਾਮਲੇ ਵਿੱਚ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ, ਉਸ ਦੇ ਲਈ ਜ਼ਿੰਮੇਵਾਰ ਲੋਕਾਂ 'ਤੇ ਧਾਰਾ 302 ਦੇ ਤਹਿਤ ਕਤਲ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ।
ਕੈਪਟਨ ਨੇ ਬੁੱਧਵਾਰ ਨੂੰ ਤਰਨ ਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਡੀਸੀਜ਼ ਅਤੇ ਐਸਐਸਪੀਜ਼ ਨਾਲ ਹੋਈ ਬੈਠਕ ਦੌਰਾਨ ਕਿਹਾ ਕਿ ਇਸ ਮਾਮਲੇ 'ਚ ਕਿਸੇ ਵੀ ਅਫ਼ਸਰ ਜਾਂ ਰਾਜਨੀਤਕ ਆਗੂ ਦੇ ਤਾਰ ਜੁੜੇ ਮਿਲੇ ਤਾਂ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਹਰੇਕ ਵਿਅਕਤੀ ਵਿਰੁੱਧ ਬਿਨ੍ਹਾਂ ਕਿਸੇ ਡਰ ਜਾਂ ਦਬਾਅ ਤੋਂ ਕਾਰਵਾਈ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਅਗਲੇ ਕੁਝ ਦਿਨਾਂ 'ਚ ਇਹ ਸੁਣਨਾ ਚਾਹੁੰਦੇ ਹਨ ਕਿ ਉਨ੍ਹਾਂ ਦਾ ਜ਼ਿਲ੍ਹਾ ਸਾਫ਼ ਹੈ।
ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ 110 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ। ਵਿਰੋਧੀਆਂ ਦੇ ਨਾਲ-ਨਾਲ ਕਾਂਗਰਸ ਦੇ ਕੁੱਝ ਆਗੂਆਂ ਵੱਲੋਂ ਵੀ ਸਰਕਾਰ ਦੀ ਨਿਖੇਧੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪ੍ਰਸ਼ਾਸਨ ਵਿੱਚ ਹਰਕਤ ਵਿੱਚ ਆਇਆ ਹੈ ਤੇ ਮਾਮਲੇ ਵਿੱਚ ਲਗਾਤਾਰ ਗ੍ਰਿਫ਼ਤਾਰੀਆਂ ਕੀਤੀਆ ਜਾ ਰਹੀਆਂ ਹਨ।