ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਜਾਰੀ ਕਰਫਿਊ ਕਾਰਨ ਪੰਜਾਬ ਨੂੰ ਵਿੱਤੀ ਸੰਕਟ 'ਚੋਂ ਬਾਹਰ ਕੱਢਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸ਼ਰਾਬ ਦੀ ਵਿਕਰੀ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਮੰਗੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਸੂਬੇ ਦੇ ਮਾੜੇ ਵਿੱਤੀ ਹਾਲਾਤਾਂ ਦਾ ਹਵਾਲਾ ਦਿੰਦਿਆਂ ਵੈਟ ਅਤੇ ਆਬਕਾਰੀ ਮਾਲੀਆ ਜੋੜਨ ਲਈ ਸੂਬੇ ਵਿੱਚ ਪੜਾਅਵਾਰ ਤਰੀਕੇ ਨਾਲ ਸ਼ਰਾਬ ਵੇਚਣ ਦੀ ਆਗਿਆ ਮੰਗੀ ਹੈ। ਕੈਪਟਨ ਨੇ ਕਿਹਾ ਕਿ ਕੇਂਦਰ ਨੂੰ ਸੂਬੇ ਦੇ ਕੁੱਝ ਇਲਾਕਿਆਂ ਵਿੱਚ ਸਮਾਜਿਕ ਦੂਰੀ ਅਤੇ ਹੋਰ ਸੁਰੱਖਿਆ ਕਦਮਾਂ ਰਾਹੀਂ ਕੋਵਿਡ-19 ਤੋਂ ਬਚਾਅ ਰੱਖਿਦਆਂ ਪੜਾਅਵਾਰ ਤਰੀਕੇ ਨਾਲ ਸ਼ਰਾਬ ਵੇਚਣ ਦੀ ਮਨਜ਼ੂਰੀ ਦਿੱਤੀ ਜਾਵੇ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਅਪ੍ਰੈਲ ਮਹੀਨੇ ਲਈ 3000 ਕਰੋੜ ਰੁਪਏ ਦੇ ਅੰਤ੍ਰਿਮ ਮੁਆਵਜ਼ੇ ਅਤੇ ਜੀ.ਐੱਸ.ਟੀ. ਦੇ ਬਕਾਇਆ 4400 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ ਹੈ।