ਚੰਡੀਗੜ੍ਹ: ਪੰਜਾਬ 'ਚ ਕੇਂਦਰ ਸਰਕਾਰ ਦੇ ਖੇਤੀਬਾੜੀ ਨਾਲ ਸਬੰਧਤ ਆਰਡੀਨੈਂਸਾਂ ’ਤੇ ਰਾਏ ਬਣਾਉਣ ਲਈ ਅੱਜ ਸਰਬ ਪਾਰਟੀ ਬੈਠਕ ਬੁਲਾਈ ਹੈ। ਇਸ ਬੈਠਕ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਜਾਣਕਾਰੀ ਮੁਤਾਬਕ ਇਹ ਬੈਠਕ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀ ਹੋਵੇਗੀ। ਬੈਠਕ 'ਚ ਅਕਾਲੀ-ਭਾਜਪਾ ਤੇ ਆਮ ਆਦਮੀ ਪਾਰਟੀ ਮੁੱਖ ਤੌਰ 'ਤੇ ਹਿੱਸਾ ਲੈਣਗੀਆਂ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਵੀ ਵਿਚਾਰ ਵਟਾਂਦਰਾਂ ਕੀਤਾ ਜਾਵੇਗਾ।
ਸੂਤਰਾਂ ਮੁਤਾਬਕ ਕੋਰੋਨਾ ਵਾਇਰਸ ਦੇ ਮੁੱਦੇ ਤੋਂ ਇਲਾਵਾ ਅਕਾਲੀ- ਭਾਜਪਾ ਬੈਠਕ 'ਚ ਸ਼ਰਾਬ ਮਾਫ਼ੀਆਂ ਤੇ ਬੀਜ ਘੁਟਾਲੇ ਸੰਬੰਧੀ ਵੀ ਗੱਲ ਕਰ ਸਕਦੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਬਠਿੰਡਾ ਦੇ ਥਰਮਲ ਪਲਾਂਟਾ ਨੂੰ ਲੈ ਕੇ ਬੈਠਕ 'ਚ ਮੁੱਦਾ ਚੁੱਕ ਸਕਦੀ ਹੈ।
ਆਰਡੀਨੈਂਸ ਆਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਸੀ ਕਿ ਇਹ ਆਰਡੀਨੈਂਸ ਸੂਬੇ ਲਈ ਸਹੀਂ ਨਹੀਂ ਹੈ ਕਿਉਂਕਿ ਜੋ ਇਹ ਕਿਸਾਨਾਂ ਦੇ ਹਿੱਤਾਂ ਵਿਰੁੱਧ ਭੁਗਤਦੇ ਹਨ ਤੇ ਘੱਟੋ-ਘੱਟ ਸਮਰਥਨ ਮੁੱਲ ਦੇ ਦੌਰ ਦਾ ਵੀ ਅੰਤ ਕਰ ਸਕਦੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਖ਼ਾਤਮਾ ਕਰਨ ਦਾ ਮੁੱਢ ਦੱਸਿਆ ਸੀ ਜੋ ਭਾਰਤ ਸਰਕਾਰ ਕਰਨਾ ਚਾਹੁੰਦੀ ਹੈ। ਅੱਜ ਹੋਣ ਵਾਲੀ ਮੀਟਿੰਗ ਵਿੱਚ ਪੈਦਾ ਹੋਈ ਸਹਿਮਤੀ ਦੇ ਆਧਾਰ ’ਤੇ ਇੱਕ ਪੱਤਰ ਭਾਰਤ ਸਰਕਾਰ ਨੂੰ ਭੇਜ ਕੇ ਇਸ ਆਰਡੀਨੈਂਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ।