ਚੰਡੀਗੜ੍ਹ: ਕਿਸਾਨੀ ਮੁੱਦਿਆਂ ਦੇ ਹੱਲ ਲਈ ਵਿਉਂਤਬੰਦੀ ਬਣਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਲ ਪਾਰਟੀ ਬੈਠਕ ਜਾਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ।
ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਲੈ ਕੇ ਦੇਸ਼ ਦੀ ਸਰਕਾਰ ਦਾ ਅੜੀਅਲ ਰਵੱਈਆ ਸਾਹਮਣੇ ਆ ਰਿਹਾ ਹੈ ਨਾ ਕੇਵਲ ਕਿਸਾਨ ਬਲਕਿ ਪੂਰਾ ਪੰਜਾਬ ਇਸ ਵੇਲੇ ਧਰਨੇ 'ਤੇ ਬੈਠਾ ਹੈ। ਸਰਕਾਰ ਦੇ ਅੜੀਅਲ ਰਵੱਈਏ ਕਾਰਨ ਕੜਾਕੇ ਦੀ ਠੰਢ ਵਿੱਚ ਰੋਜ਼ ਕੋਈ ਨਾ ਕੋਈ ਕਿਸਾਨ ਆਪਣੀ ਜਾਨ ਗੁਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਲੋੜ ਹੈ ਕਿ ਚੁਣੀਆਂ ਹੋਈਆਂ ਸਰਕਾਰਾਂ ਆਪਣਾ ਫ਼ਰਜ਼ ਸਮਝਦੇ ਹੋਏ ਆਪਣਾ ਰੋਲ ਅਦਾ ਕਰਨ, ਜਿਸ ਲਈ ਬਹੁਤ ਜ਼ਰੂਰੀ ਹੈ ਕਿ ਸਾਰੇ ਪੰਜਾਬ ਭਰ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕੱਠੀਆਂ ਹੋਣ।
ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਕਿਉਂਕਿ ਉਹ ਵੀ ਇੱਕ ਸੂਬੇ ਦੇ ਮੁੱਖ ਮੰਤਰੀ ਹਨ। ਮੁੱਖ ਮੰਤਰੀ ਨੂੰ ਵੇਖਣਾ ਚਾਹੀਦਾ ਹੈ ਕਿ ਕਿਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਉਂਤਬੰਦੀ ਉਲੀਕੀ ਜਾਵੇ ਅਤੇ ਕਿਵੇਂ ਫਰੰਟ 'ਤੇ ਲੜਿਆ ਜਾਵੇ।
ਉਨ੍ਹਾਂ ਕੈਪਟਨ ਨੂੰ ਕਿਹਾ ਕਿ ਜਦੋਂ ਸੂਬਾ ਵਾਸੀ ਇੰਨੀ ਵੱਡੀ ਲੜਾਈ ਲੜਦੇ ਹਨ ਤਾਂ ਮੁੱਖ ਮੰਤਰੀ ਦੀ ਡਿਊਟੀ ਬਣਦੀ ਹੈ ਉਹ ਭਾਵੇਂ ਆਲ ਪਾਰਟੀ ਮੀਟਿੰਗ ਬੁਲਾਉਣ ਜਾਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਅਤੇ ਸਾਰਿਆਂ ਨੂੰ ਇਕੱਠੇ ਕਰਨ ਪਰ ਆਉਣ ਵਾਲੇ ਸਮੇਂ ਦੀ ਵਿਉਂਤਬੰਦੀ ਤਾਂ ਕਰਕੇ ਰੱਖਣ।
ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਮੌਕੇ ਖੇਤੀ ਕਾਨੂੰਨ ਦੀਆਂ ਕਾਪੀਆਂ ਫਾੜੇ ਜਾਣ 'ਤੇ ਆਮ ਆਦਮੀ ਪਾਰਟੀ ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਫੋਟੋ ਕਲਚਰ ਦੇਸ਼ ਦੀ ਰਾਜਨੀਤੀ ਨੂੰ ਹੋਰ ਨਿਘਾਰ ਵੱਲ ਲੈ ਕੇ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਖ਼ੁਦ ਨੂੰ ਕਿਸਾਨਾਂ ਦਾ ਹਿਤੈਸ਼ੀ ਸਮਝਦੀ ਹੈ ਤਾਂ ਕਾਨੂੰਨ ਦੀਆਂ ਕਾਪੀਆਂ ਫਾੜਨ ਦੀ ਬਜਾਏ ਅਜਿਹਾ ਕਾਨੂੰਨ ਲੈ ਕੇ ਆਵੇ, ਜਿਸ ਨਾਲ ਕੇਂਦਰ ਦਾ ਕਾਨੂੰਨ ਦਿੱਲੀ ਵਿਚ ਲਾਗੂ ਨਾ ਹੋਵੇ।