ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਬੁੱਧਵਾਰ ਨੂੰ ਹਥਿਆਰਾਂ ਦੀ ਤਸਕਰੀ ਲਈ ਪਾਕਿਸਤਾਨ ਵੱਲੋਂ ਡਰੋਨ ਦੀ ਵਰਤੋਂ ਦੀ ਰੋਕਥਾਮ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ ‘ਤੇ ਜ਼ੋਰ ਦਿੱਤਾ।
ਇਹ ਮੁੱਦਾ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਦੌਰਾਨ ਚੁੱਕਿਆ ਗਿਆ। ਸੰਸਦ ਮੈਂਬਰਾਂ ਤੋਂ ਇਲਾਵਾ ਇਸ ਬੈਠਕ ਵਿੱਚ ਪੀਪੀਸੀਸੀ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਸਨ।
ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਵੱਧ ਰਹੇ ਤਣਾਅ ਦੇ ਮੱਦੇਨਜ਼ਰ ਤੇ ਆਈਐਸਆਈ ਵੱਲੋਂ ਪੰਜਾਬ ਸਰਹੱਦਾਂ ’ਤੇ ਗਤੀਵਿਧੀਆਂ ਵਿੱਚ ਹੋਏ ਵਾਧੇ ਉੱਤੇ ਚਿੰਤਾ ਜ਼ਾਹਰ ਕੀਤੀ। ਇਸ ਦੌਰਾਨ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਪਹਿਲਾਂ ਹੀ ਕੇਂਦਰ ਦੇ ਧਿਆਨ 'ਚ ਲਿਆਂਦਾ ਹੈ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਸ ਸਬੰਧੀ ਇੱਕ ਪੱਤਰ ਵੀ ਲਿਖਿਆ ਹੈ।