ਚੰਡੀਗੜ੍ਹ: ਸੂਬੇ 'ਚ ਕਿਸਾਨ ਕਾਫ਼ੀ ਮੁਸ਼ਕਲਾਂ ਨਾਲ ਜੂਝ ਰਿਹਾ ਹੈ, ਜਿਸ ਦੇ ਚੱਲਦਿਆਂ ਕੈਪਟਨ ਸਰਕਾਰ ਨੇ ਸ਼ਲਾਘਾਯੋਗ ਕਦਮ ਚੁੱਕਿਆ ਹੈ। ਇਸ ਤਹਿਤ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੋਂ ਸਾਲ 2019-20 ਲਈ ਹਾੜ੍ਹੀ ਦੀਆਂ ਵੱਖ-ਵੱਖ ਫ਼ਸਲਾਂ ਦੇ ਘੱਟੋ-ਘੱਟ ਸਮੱਰਥਨ ਮੁੱਲ (ਐੱਮਐੱਸਪੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਵਿਸਥਾਰ ਵਿੱਚ ਤਿਆਰ ਕੀਤੇ ਪ੍ਰਸਤਾਵ 'ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2018-19 ਵਿੱਚ 1840 ਰੁਪਏ ਪ੍ਰਤੀ ਕੁਇੰਟਲ ਸੀ, ਉਸ ਨੂੰ ਸਾਲ 2019-20 ਵਿੱਚ 2710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਜੌਂ ਦਾ ਸਮਰਥਨ ਮੁੱਲ 1440 ਰੁਪਏ ਤੋਂ ਵਧਾ ਕੇ 1974 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀ.ਏ.ਸੀ.ਪੀ.) ਨੂੰ ਭੇਜੇ ਪ੍ਰਸਤਾਵ 'ਚ ਛੋਲਿਆਂ ਦਾ ਘੱਟੋ ਘੱਟ ਸਮਰਥਨ ਮੁੱਲ 4620 ਰੁਪਏ ਤੋਂ ਵਧਾ ਕੇ 5631 ਰੁਪਏ ਪ੍ਰਤੀ ਕੁਇੰਟਲ ਅਤੇ ਸਰੋਂ ਦਾ ਘੱਟੋ-ਘੱਟ ਸਮਰਥਨ ਮੁੱਲ 4200 ਰੁਪਏ ਤੋਂ ਵਧਾ ਕੇ 5384 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ।