ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਗਰੇਜ਼ੀ ਅਖ਼ਬਾਰ ਨੂੰ ਦਿੱਤੇ ਇੰਟਰਵਿਊ 'ਚ ਕੇਂਦਰੀ ਖੇਤੀ ਕਾਨੂੰਨਾਂ ਸਬੰਧੀ ਵੱਡਾ ਬਿਆਨ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਦੋ ਸਾਲ ਲਈ ਖੇਤੀ ਕਾਨੂੰਨਾਂ 'ਤੇ ਰੋਕ ਲਾਉਣ ਦੀ ਗੱਲ ਆਖੀ। ਕਿਉਂਕਿ ਅਗਲੇ ਮਹੀਨੇ ਤੋਂ ਕਿਸਾਨਾਂ ਨੇ ਆਪਣੀ ਫਸਲ ਦੀ ਕਟਾਈ ਵੀ ਕਰਨੀ ਹੈ ਤੇ ਦੋ ਸਾਲ ਲਈ ਰੋਕ ਲਾ ਦੇਣ ਨਾਲ ਇਸ ਮਾਮਲੇ ਦਾ ਹੱਲ ਨਿਕਲ ਸਕਦਾ ਹੈ।
ਮੁੱਖ ਮੰਤਰੀ ਦੇ ਬਿਆਨ 'ਤੇ ਹਾਮੀ ਭਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮੰਤਰੀ ਦਾ ਪੱਖ ਪੂਰਦੇ ਹੋਏ ਨਜ਼ਰ ਆਏ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਕਿਸਾਨਾਂ ਬਾਰੇ ਸੋਚ ਸਮਝ ਕੇ ਹੀ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਸਹੀ ਫੈਸਲੇ ਲੈਂਦੇ ਹਨ ਤੇ ਸਹੀ ਸੋਚ ਰੱਖਦੇ ਹਨ।ਬਲਬੀਰ ਸਿੰਘ ਸਿੱਧੂ ਨੇ ਵੀ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰਾਂ ਹਮੇਸ਼ਾ ਲੋਕਾਂ ਲਈ ਹੁੰਦੀਆਂ ਨੇ ਤੇ ਭਾਜਪਾ ਸਰਕਾਰ ਲਗਾਤਾਰ ਲੋਕਤੰਤਰ ਦਾ ਕਤਲ ਕਰ ਰਹੀ ਹੈ।
ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਕੋਰੋਨਾ ਨੂੰ ਖ਼ਤਮ ਕਰਨ ਲਈ ਵੈਕਸੀਨੇਸ਼ਨ ਡਰਾਈਵ ਸਹੀ ਤਰੀਕੇ ਨਾਲ ਚੱਲ ਰਹੀ ਹੈ। ਫਰੰਟਲਾਈਨ ਵਰਕਰਾਂ ਤੋਂ ਬਾਅਦ ਆਮ ਲੋਕਾਂ ਲਈ ਵੀ ਵੈਕਸੀਨੇਸ਼ਨ ਰਾਹੀਂ ਸਹੀ ਤਰੀਕੇ ਨਾਲ ਚੱਲ ਰਹੀ ਹੈ। ਹਾਲਾਂਕਿ ਜਦੋਂ ਸਿਹਤ ਮੰਤਰੀ ਨੂੰ ਸਵਾਲ ਕੀਤਾ ਗਿਆ ਕਿ ਲਗਾਤਾਰ ਪੰਜਾਬ 'ਚ ਕੇਸ ਵਧ ਰਹੇ ਨੇ ਤਾਂ ਉਸ ਦਾ ਜਵਾਬ ਦਿੰਦਿਆਂ ਸਿੱਧੂ ਨੇ ਕਿਹਾ ਕਿ ਸਥਿਤੀ ਕੰਟਰੋਲ ਟਚ ਹੈ ਤੇ ਕੋਈ ਵੀ ਅਲਾਰਮਿੰਗ ਜਾਂ ਐਮਰਜੈਂਸੀ ਖ਼ਤਰੇ ਵਾਲੀ ਗੱਲ ਨਹੀਂ ਹੈ।
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਚੋਣ ਕਮੇਟੀ ਅਤੇ ਆਬਜ਼ਰਵਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸ ਬਾਰੇ ਬੋਲਦਿਆਂ ਕੈਬਿਨੇਟ ਮੰਤਰੀ ਨੇ ਕਿਹਾ ਕਿ ਹਰ ਇੱਕ ਪਾਰਟੀ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਵਲੋਂ ਕੀਤੇ ਗਏ ਵਾਅਦਿਆਂ ਤੇ ਚਰਚਾ ਕਰਦੀ ਹੈ। ਲੋਕਾਂ 'ਚ ਜਾਣ ਲਈ ਅਤੇ ਵਾਅਦੇ ਕਿੰਨੇ ਪੂਰੇ ਕੀਤੇ ਗਏ ਇਸ ਬਾਰੇ ਸਮੀਖਿਆ ਕੀਤੀ ਜਾਂਦੀ ਹੈ। ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਵੱਲੋਂ 2022 ਦੀਆਂ ਚੋਣਾਂ 'ਚ ਚੰਗੇ ਪ੍ਰਦਰਸ਼ਨ ਦੀ ਉਮੀਦ ਪ੍ਰਗਟਾਈ।