ਚੰਡੀਗੜ੍ਹ: ਵਿਰੋਧੀ ਧਿਰ ਆਗੂ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਸੈਕਟਰ 39 ਵਿਖੇ ਜਿੱਥੇ ਕਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਵਾਇਆ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਨੀਤੀ ਆਯੋਗ ਦੇ ਮੈਂਬਰ ਹਨ। ਦੱਸ ਦੇਈਏ ਕਿ ਨੀਤੀ ਆਯੋਗ ਵੱਲੋਂ ਕਿਹਾ ਗਿਆ ਹੈ ਕੀ ਜੇਕਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨੀ ਹੈ ਤਾਂ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨਾ ਹੀ ਹੋਵੇਗੇ।
ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਵਿਰੋਧੀ ਧਿਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਜੇਕਰ ਸ਼੍ਰੋਮਣੀ ਅਕਾਲੀ ਦਲ ਨੇ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ ਤਾਂ ਹਾਈਕੋਰਟ ਖ਼ੁਦ ਫ਼ੈਸਲਾ ਕਰੇਗੀ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਧਾਰਮਿਕ ਪਾਰਟੀ ਹੈ ਜਾਂ ਫਿਰ ਸਿਆਸੀ ਪਾਰਟੀ ਹੈ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਸਿਆਸੀ ਪਾਰਟੀ ਅਖਵਾਉਂਦੀ ਹੈ ਅਤੇ ਬਾਰਡਰ ਟੱਪਣ ਤੋਂ ਬਾਅਦ ਇਹ ਧਾਰਮਿਕ ਪਾਰਟੀ ਬਣ ਜਾਂਦੀ ਹੈ।
ਸੁਪਰੀਮ ਕੋਰਟ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਬਣਾਈ ਗਈ ਕਮੇਟੀ ਵੱਲੋਂ ਬੰਦ ਲਿਫ਼ਾਫ਼ਾ ਰਿਪੋਰਟ ਪੇਸ਼ ਕਰ ਦਿੱਤੀ ਗਈ। ਇਸ ਬਾਰੇ ਬੋਲਦਿਆਂ ਚੀਮਾ ਨੇ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਸੁਪਰੀਮ ਕੋਰਟ ਦੀ ਬਣਾਈ ਗਈ ਕਮੇਟੀ ਨੂੰ ਪਹਿਲੇ ਦਿਨ ਤੋਂ ਹੀ ਰੱਦ ਕਰ ਦਿੱਤਾ ਹੈ ਅਤੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਦੇ ਦੋ ਮੈਂਬਰ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਸਨ ਤੇ ਉਸ ਰਿਪੋਰਟ ਦੀ ਹੁਣ ਕੋਈ ਅਹਿਮੀਅਤ ਨਹੀਂ ਹੈ।