ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਤੋਂ ਹਰ ਕੋਈ ਚਿੰਤਤ ਹੈ। ਇਸ ਨੂੰ ਲੈ ਕੇ ਸਿਆਸੀ ਆਗੂ ਵੀ ਇਸ ਮਹਾਮਾਰੀ ਤੋਂ ਨਜਿੱਠਣ ਲਈ ਇੱਕ ਦੂਜੇ ਨੂੰ ਸਲਾਹ ਦੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਰਬ ਪਾਰਟੀ ਮੀਟਿੰਗ ਸੱਦਣ ਦੀ ਸਲਾਹ ਦਿੱਤੀ ਸੀ।
ਸੁਖਬੀਰ ਬਾਦਲ ਨੇ ਇੱਕ ਟਵੀਟ ਰਾਹੀ ਮੁੱਖ ਮੰਤਰੀ ਨੂੰ ਕਿਹਾ ਸੀ ਕਿ ਉਹ ਸਰਬ ਪਾਰਟੀ ਮੀਟਿੰਗ ਸੱਦਣ ਤਾਂ ਜੋ ਜੋ ਇਸ ਕਰਫਿਊ ਦੌਰਾਨ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਲੱਭਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸੂਬੇ ਵਿੱਚ ਕਰਿਫਊ ਦੌਰਾਨ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਸਰਬ ਪਾਰਟੀ ਬੈਠਕ ਬੁਲਾਈ ਜਾਵੇ।
ਸੁਖਬਰੀ ਬਿਾਦਲ ਦੀ ਇਸ ਸਾਲਹ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਵਾਇਰਸ ਕਾਰਨ ਉਪਜੇ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸੁਖਬੀਰ ਬਾਦਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੁਖਬੀਰ ਬਾਦਲ ਵੱਲੋਂ ਕੀਤੀ ਮੰਗ ਮੁਤਾਬਕ ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਹੈ ਅਤੇ ਨਾ ਹੀ ਇਸ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾੜੀ ਦੀ ਫਸਲ ਦੀ ਵਢਾਈ ਅਤੇ ਉਸ ਦੀ ਖਰੀਦ ਇੱਕ ਹੋਰ ਵੱਡੀ ਚਣੌਤੀ ਸਾਡੇ ਸਾਹਮਣੇ ਹੈ, ਜਿਸ ਨਾਲ ਨਜਿੱਠਣ ਵਾਸਤੇ ਰਾਜ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧਾਂ ਦੀ ਤਿਆਰੀ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ। ਸਾਉਣੀ ਦੀ ਬਿਜਾਈ ਲਈ ਵੀ ਢੁਕਵੇਂ ਪ੍ਰਬੰਧ ਕਰਨੇ ਹੋਣਗੇ ਅਤੇ ਸਾਡੀ ਆਰਥਿਕਤਾ ਇਨ੍ਹਾਂ ਦੋਵਾਂ ਫਸਲਾਂ ਦੀ ਬਿਹਤਰ ਸੰਭਾਲ ’ਤੇ ਨਿਰਭਰ ਕਰਦੀ ਹੈ।
ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਮੌਜੂਦਾ ਸੰਕਟ ਅਤੇ ਭਵਿੱਖੀ ਚਣੌਤੀਆਂ ਨਾਲ ਨਿਪਟਣ ਲਈ ਕਿਸੇ ਵੀ ਹੋਰ ਮਸ਼ਵਰੇ ਦਾ ਉਹ ਸਵਾਗਤ ਕਰਨਗੇ। ਉਨਾਂ ਨੇ ਸੁਖਬੀਰ ਬਾਦਲ ਨੂੰ ਭਰੋਸਾ ਦਿੱਤਾ ਕਿ ਉਨਾਂ ਵੱਲੋਂ ਦਿੱਤੇ ਗਏ ਸਾਰੇ ਅਜਿਹੇ ਸੁਝਾਵਾਂ ’ਤੇ ਉਹ ਪੂਰੀ ਸੰਜੀਦਗੀ ਨਾਲ ਵਿਚਾਰ ਕਰਨਗੇ। ਉਨਾਂ ਨੇ ਉਮੀਦ ਪ੍ਰਗਟਾਈ ਕਿ ਸ਼੍ਰੋਮਣੀ ਅਕਾਲੀ ਦਲ ਇਸ ਜਾਨਲੇਵਾ ਰੋਗ ਨੂੰ ਕਾਬੂ ਵਿੱਚ ਕਰਨ ਲਈ ਸੂਬਾ ਸਰਕਾਰ ਨੂੰ ਆਪਣਾ ਪੂਰਨ ਸਮਰਥਨ ਅਤੇ ਸਹਿਯੋਗ ਦੇਣਾ ਜਾਰੀ ਰੱਖੇਗਾ।