ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਨਾਲ ਸੂਬੇ ਵਿੱਚ ਹੋਈਆਂ ਮੌਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਫਾਰਮ ਹਾਊਸ ਸਿਸਵਾਂ ਡੈਮ ਘੇਰਨ ਦੀ ਕੋਸ਼ਿਸ਼ ਕੀਤੀ ਗਈ।
ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਰਕਰਾਂ ਨੂੰ ਪੁਲਿਸ ਵੱਲੋਂ ਮੁੱਲਾਂਪੁਰ ਚੌਕ 'ਤੇ ਰੋਕਿਆ ਗਿਆ ਤਾਂ ਇਸ ਦੌਰਾਨ ਭਗਵੰਤ ਮਾਨ ਧਰਨੇ 'ਤੇ ਬੈਠ ਗਏ। ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨਕਾਰੀਆਂ ਵੱਲੋਂ ਰੱਜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਧਰਨੇ 'ਚ ਬੈਠੀ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਜ਼ਿੰਮੇਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ। ਉਨ੍ਹਾਂ ਕਿਹਾ ਕਿ 6 ਮਹੀਨੇ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸਿਸਵਾਂ ਡੈਮ ਫਾਰਮ ਹਾਊਸ ਤੋਂ ਬਾਹਰ ਨਹੀਂ ਨਿਕਲੇ ਤੇ ਸੂਬੇ ਦੇ ਹਾਲਾਤ ਲਗਾਤਾਰ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ।
ਉਥੇ ਹੀ ਧਰਨੇ 'ਚ ਬੈਠੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਤੇ ਨਿਸ਼ਾਨਾ ਵਿਨ੍ਹਦਿਆਂ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਮਾਫੀਆ ਪੈਦਾ ਹੋਣ ਤੋਂ ਇਲਾਵਾ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਾ ਤਾਂ ਕੋਈ ਵਿਕਾਸ ਹੋਇਆ ਹੈ ਤੇ ਨਾ ਹੀ ਕਿਸੇ ਨੌਜਵਾਨ ਨੂੰ ਰੁਜ਼ਗਾਰ ਮਿਲਿਆ ਸਗੋਂ ਸੂਬੇ 'ਚ ਭ੍ਰਿਸ਼ਟਾਚਾਰ ਵਧ ਚੁੱਕਿਆ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਫੇਲ੍ਹ ਹੋ ਚੁੱਕੀ ਹੈ ਤੇ ਉਨ੍ਹਾਂ ਦੇ ਆਪਣੇ ਸਿਆਸੀ ਲੀਡਰ ਹੀ ਪੰਜਾਬ ਨੂੰ ਖ਼ੋਰਾ ਲਾਉਣ ਲੱਗੇ ਹਨ।