ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਚੱਲਦਿਆਂ ਸੀ.ਬੀ.ਐਸ.ਈ ਬੋਰਡ ਦੀ 12ਵੀਂ ਜਮਾਤ(CBSE Board Class XII) ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ 'ਚ ਲਿਆ ਗਿਆ। ਜਿਸ 'ਚ ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਵਿਦਿਆਰਥੀਆਂ ਦੇ ਹਿੱਤ 'ਚ ਹੈ ਅਤੇ ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਨਾਲ ਖਿਲਵਾੜ ਨਹੀਂ ਕੀਤਾ ਜਾ ਸਕਦਾ।
ਇਸ ਨੂੰ ਲੈਕੇ ਪੰਜਾਬ ਦੇ ਸਿੱਖਿਆ ਮੰਤਰੀ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈਕੇ ਸਰਕਾਰ ਵਲੋਂ ਲਿਆ ਫੈਸਲਾ ਠੀਕ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ਵਾਰ ਵੀ ਬਿਨਾਂ ਯੋਜਨਾ ਦੇ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਕੇਂਦਰ ਦਾ ਚਾਹੇ ਉਹ ਨੋਟਬੰਦੀ ਦਾ ਫੈਸਲਾ ਹੋਵੇ ਜਾਂ ਜੀ.ਐਸ.ਟੀ(GST) ਦਾ ਫੈਸਲਾ, ਉਸ ਤਰ੍ਹਾਂ ਹੀ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਜੋ ਬਿਨਾਂ ਯੋਜਨਾ ਦੇ ਲਿਆ ਗਿਆ ਹੈ।
ਇਸ ਮੌਕੇ ਉਨ੍ਹਾਂ ਨਾਲ ਹੀ ਕੇਂਦਰ ਸਰਕਾਰ ਤੋਂ ਮੰਗ ਵੀ ਕੀਤੀ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ 'ਚ ਰੱਖਦਿਆਂ ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀਆਂ ਦੀ ਬੈਠਕ ਬੁਲਾਈ ਜਾਵੇ ਤਾਂ ਜੋ ਕੋਈ ਠੀਕ ਢੰਗ ਨਾਲ ਪ੍ਰੀਖਿਆਵਾਂ ਨੂੰ ਲੈਕੇ ਯੋਜਨਾ ਤਿਆਰ ਕੀਤੀ ਜਾ ਸਕੇ।