ਚੰਡੀਗੜ੍ਹ: ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਰੋਜ਼ਾਨਾ ਵੱਡੀਆਂ ਹਸਤੀਆਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਰਹੀਆਂ ਹਨ। ਅੱਜ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਹਲਕਾ ਖੰਡੂਰ ਸਾਹਿਬ ਤੋਂ ਕਾਂਗਰਸ ਆਗੂ ਅਤੇ ਸਾਬਕਾ ਸਰਪੰਚ ਗੁਰਸੇਵਕ ਸਿੰਘ ਔਲਖ ਪੇਸ਼ੇ ਵਜੋਂ ਮੈਡੀਕਲ ਖੇਤਰ ਵਿੱਚ ਕੰਮ ਕਰਦੇ ਹਨ ਅਤੇ ਜ਼ਿਲ੍ਹਾ ਲੁਧਿਆਣਾ ਤੋਂ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਕਲਾਕਾਰ ਤੇਜਿੰਦਰ ਕੌਰ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਤੇਜਿੰਦਰ ਕੌਰ ਨੇ ਪੰਜਾਬੀ ਅਤੇ ਬਾਲੀਵੁੱਡ ਫਿਲਮਾਂ ਵਿੱਚ ਕੰਮ ਕਰਨ ਤੋਂ ਇਲਾਵਾ ਹਿੰਦੀ ਟੀਵੀ ਸੀਰੀਅਲਾਂ ਵਿੱਚ ਵੀ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਵਿਤਾ, ਫਿਲਮ ਲਿਖਣ ਅਤੇ ਫਿਲਮ ਡਾਇਰੈਕਟਰ ਖੇਤਰ ਵਿੱਚ ਵੀ ਕੰਮ ਕੀਤਾ। ਉਹ ਆਪਣੇ ਪੇਸ਼ੇ ਦੇ ਨਾਲ ਨਾਲ ਇਕ ਸੋਸ਼ਲ ਵਰਕਰ ਵੀ ਹਨ ਅਤੇ ਇਕ ਐਨਜੀਓ ਚਲਾ ਰਹੇ ਹਨ।
ਇਸ ਮੌਕੇ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕ ਬਦਲਾਅ ਵਜੋਂ ਦੇਖ ਰਹੇ ਹਨ। ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ 'ਆਪ' ਵਿੱਚ ਸ਼ਾਮਲ ਹੋ ਰਹੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।