ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਮੰਗਲਵਾਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਹੱਲ ਕਰਨ ਦੇ ਯਤਨ ਤਹਿਤ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਪਹਿਲਾਂ ਵੀ ਸੱਦਾ ਦਿੱਤਾ ਸੀ, ਪਰ ਕੇਂਦਰ ਨੇ ਇਸ ਸਮੱਸਿਆ ਦਾ ਕੋਈ ਵੀ ਹੱਲ ਨਹੀਂ ਕੀਤਾ ਸੀ। ਕਿਸਾਨਾਂ ਨੇ ਮੁੜ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਰੇਲਵੇ ਟਰੈਕਾਂ 'ਤੇ ਧਰਨਾ ਲਾਇਆ ਸੀ, ਜਿਸ ਕਾਰਨ ਉਤਰ ਭਾਰਤ ਵਿੱਚ ਰੇਲ ਆਵਾਜਾਈ ਠੱਪ ਹੋਈ ਪਈ ਹੈ ਅਤੇ ਕਿਸਾਨ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਨੂੰ ਵੇਖਦੇ ਹੋਏ ਹੁਣ ਕੇਂਦਰ ਨੇ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ।
ਇਸ ਵਾਰ ਇਹ ਸੱਦਾ ਕੇਂਦਰ ਸਰਕਾਰ ਦੇ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪੀਯੂਸ਼ ਗੋਇਲ ਨੇ ਭੇਜ ਕੇ ਮੁੱਦੇ ਦੇ ਹੱਲ ਲਈ ਗੱਲ ਕਰਨ ਲਈ ਕਿਹਾ ਹੈ। ਇਹ ਸੱਦਾ ਪੱਤਰ ਭਾਰਤ ਸਰਕਾਰ ਦੇ ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲੇ ਵੱਲੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਭੇਜਿਆ ਗਿਆ ਹੈ।
ਭੇਜੇ ਗਏ ਸੱਦਾ ਪੱਤਰ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਕੇਂਦਰ ਸਰਕਾਰ ਵੱਲੋਂ 13 ਨਵੰਬਰ ਨੂੰ ਸਵੇਰੇ 11 ਵਜੇ ਦਿੱਲੀ ਦੇ ਵਿਗਿਆਨ ਭਵਨ ਵਿੱਚ ਪੁੱਜਣ ਲਈ ਕਿਹਾ ਗਿਆ ਹੈ।