ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੁੜ ਬੈਠਕ ਲਈ ਸੱਦਾ ਦਿੱਤਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਤਰਫੋਂ ਇਸ ਬਾਬਤ ਚਿੱਠੀ ਕਿਸਾਨ ਜੇਥਬੰਦੀਆਂ ਨੂੰ ਭੇਜੀ ਗਈ ਹੈ।
![Central Government invites farmers' organizations to meet again on December 3](https://etvbharatimages.akamaized.net/etvbharat/prod-images/9647133_p.jpg)
ਕੇਂਦਰ ਸਰਕਾਰ ਨੇ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੂੰ ਮੁੜ 3 ਦਸੰਬਰ ਨੂੰ ਗੱਲਬਾਤ ਲਈ ਸੱਦਾ ਪੱਤਰ ਭੇਜਿਆ ਹੈ। ਕੇਂਦਰੀ ਖੇਤੀ ਸਕੱਤਰ ਸੁਧਾਂਸ਼ੂ ਪਾਂਡੇ ਵਲੋਂ ਭੇਜੇ ਇਸ ਪੱਤਰ ਅਨੁਸਾਰ ਕਿਸਾਨੀ ਸਮੱਸਿਆਵਾਂ ਦੇ ਮੱਦੇਨਜ਼ਰ 13 ਨਵੰਬਰ ਨੂੰ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਵਿਚਾਰ ਚਰਚਾ ਨੂੰ ਅੱਗੇ ਜਾਰੀ ਰੱਖਣ ਲਈ ਕਿਸਾਨ ਆਗੂਆਂ ਨੂੰ ਮੁੜ 3 ਦਸੰਬਰ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਹਾਲ ਨੰਬਰ 2 ਦਿੱਲੀ ਵਿਖੇ ਪਹੁੰਚਣ ਲਈ ਕਿਹਾ ਗਿਆ ਹੈ।
![Central Government invites farmers' organizations to meet again on December 3](https://etvbharatimages.akamaized.net/etvbharat/prod-images/9647133_g.jpg)
ਜਾਣਕਾਰੀ ਅਨੁਸਾਰ ਇਸ ਮੀਟਿੰਗ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ। ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਪੱਤਰ ਮਿਲਣ ਦੀ ਪੁਸ਼ਟੀ ਕਰਦਿਆਂ ਸਪਸ਼ਟ ਕਿਹਾ ਕਿ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਵਿਖੇ ਦਿੱਤੇ ਜਾ ਰਹੇ ਧਰਨੇ ਸਬੰਧੀ ਦੇਸ਼ ਭਰ ਦੇ ਕਿਸਾਨਾਂ 'ਚ ਪੂਰਾ ਉਤਸ਼ਾਹ ਹੈ। ਇਹ ਧਰਨਾ ਹਰ ਹਾਲਤ 'ਚ ਲਗਾਇਆ ਜਾਵੇਗਾ। ਉਨ੍ਹਾਂ ਕੇਂਦਰ ਵਲੋਂ 3 ਦਸੰਬਰ ਲਈ ਭੇਜੇ ਸੱਦੇ ਪੱਤਰ 'ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਇਸ ਬਾਰੇ ਜਥੇਬੰਦੀਆਂ ਦੀ ਮੀਟਿੰਗ 'ਚ ਵਿਚਾਰਿਆ ਜਾਵੇਗਾ।