ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਅਤੇ ਪੰਜਾਬ ਵਿਰੋਧੀ ਤਿੰਨ ਆਰਡੀਨੈਂਸਾਂ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ (ਲਾਇਵ ਟੈਲੀਕਾਸਟ) ਬੁਲਾਉਣ ਦੀ ਮੰਗ ਕੀਤੀ ਹੈ।
ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਦੇ ਵਫ਼ਦ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ।
ਹਰਪਾਲ ਸਿੰਘ ਨੇ ਕਿਹਾ ਕਿ ਮੋਦੀ ਕੈਬਿਨੇਟ ਵੱਲੋਂ ਖੇਤੀ ਸੁਧਾਰਾਂ ਦੇ ਨਾਂ 'ਤੇ ਲੰਘੀ 5 ਜੂਨ ਨੂੰ ਲਿਆਂਦੇ ਗਏ ਤਿੰਨ ਆਰਡੀਨੈਂਸਾਂ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਨੂੰ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਵਰਗਾਂ ਸਮੇਤ ਸੰਘੀ ਢਾਂਚੇ ਤਹਿਤ ਮਿਲੇ ਸੂਬੇ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹਨ।
ਇਸ ਲਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਰਾਹੀਂ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਫ਼ੈਸਲੇ ਖ਼ਿਲਾਫ਼ ਮਤਾ ਪਾਸ ਕਰਕੇ ਪੰਜਾਬ ਵੱਲੋਂ ਸਖ਼ਤ ਸੰਦੇਸ਼ ਦਿੱਤਾ ਜਾਵੇ ਤਾਂ ਕਿ ਕੇਂਦਰ ਸਰਕਾਰ ਇਹ ਮਾਰੂ ਫ਼ੈਸਲੇ ਵਾਪਸ ਲੈਣ ਲਈ ਮਜਬੂਰ ਹੋ ਜਾਵੇ।
ਹਰਪਾਲ ਸਿੰਘ ਚੀਮਾ ਨੇ ਸੁਚੇਤ ਕੀਤਾ ਕਿ ਜੇਕਰ ਮੋਦੀ ਸਰਕਾਰ ਇਹ ਫੈਸਲੇ ਲਾਗੂ ਕਰਾਉਣ 'ਚ ਕਾਮਯਾਬ ਹੋ ਗਈ ਤਾਂ ਇਹ ਪੰਜਾਬ ਖਾਸ ਕਰਕੇ ਦਿਹਾਤੀ ਆਰਥਿਕਤਾ ਨੂੰ ਬਰਬਾਦ ਕਰਕੇ ਰੱਖ ਦੇਣਗੇ, ਕਿਉਕਿ ਇਹ ਕਿਰਸਾਨੀ ਹਿੱਤਾਂ ਦੀ ਬਲੀ ਦੇ ਕੇ ਅੰਬਾਨੀਆਂ-ਅਡਾਨੀਆਂ ਦੇ ਹਿਤ ਪੂਰਨ ਲਈ ਥੋਪੇ ਜਾ ਰਹੇ ਹਨ।
ਚੀਮਾ ਨੇ ਇਸ ਵਿਸ਼ੇਸ਼ ਇਜਲਾਸ ਦੇ ਲਾਇਵ ਟੈਲੀਕਾਸਟ ਦੀ ਉਚੇਚੀ ਮੰਗ ਕੀਤੀ ਤਾਂ ਕਿ ਪੰਜਾਬ ਦੇ ਲੋਕ ਦੇਖ ਸਕਣ ਕਿ ਅਜਿਹੇ ਘਾਤਕ ਫ਼ੈਸਲਿਆਂ 'ਚ ਰਿਵਾਇਤੀ ਸੱਤਾਧਾਰੀ ਦਲਾਂ (ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ) ਦੀ ਕੀ-ਕੀ ਭੂਮਿਕਾ ਰਹੀ ਹੈ।