ਚੰਡੀਗੜ੍ਹ: ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲਾ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਇਸੇ ਨੂੰ ਲੈ ਕੇ ਚੰਡੀਗੜ੍ਹ ਸ਼ਾਸਕ ਦੇ ਐਡਵਾਈਜ਼ਰ ਮਨੋਜ ਪਰੀਦਾ ਨੇ ਪ੍ਰੈਸ ਕਾਨਫਰੰਸ ਕੀਤੀ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿੱਚ 23 ਸਾਲਾ ਕੁੜੀ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ ਜੋ ਕਿ ਇੰਗਲੈਂਡ ਤੋਂ ਪਰਤੀ ਸੀ। ਚੰਡੀਗੜ੍ਹ ਪ੍ਰਸ਼ਾਸਨ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੀ ਤਿਆਰੀ ਕਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੌਜੂਦ ਹਾਲਾਤਾਂ ਨੂੰ ਵੇਖਦਿਆਂ ਸ਼ਹਿਰ ਚ ਪੀਜੀਆਈ ਸਣੇ ਹਰ ਸਰਕਾਰ ਹਸਪਤਾਲ ਦੇ ਓਪੀਡੀ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਟਰਾਮਾ, ਗਾਇਨੀ ਅਤੇ ਬੱਚਿਆਂ ਦੀ ਸਹੂਲਤ ਲਈ ਇਲਾਜ ਜਾਰੀ ਰਹੇਗਾ ਅਤੇ ਹੋਰ ਕਿਸੇ ਵੀ ਤਰ੍ਹਾਂ ਦਾ ਆਪ੍ਰੇਸ਼ਨ ਨਹੀਂ ਕੀਤਾ ਜਾਵੇਗਾ।
ਮਨੋਜ ਪਰੀਦਾ ਨੇ ਦੱਸਿਆ ਕਿ ਸ਼ਹਿਰ ਵਿੱਚ ਕੋਰੋਨਾ ਵਾਇਰਸ ਨੂੰ ਵੇਖਦਿਆਂ ਆਈਸੋਲੇਸ਼ਨ ਵਾਰਡਾਂ ਦੀ ਗਿਣਤੀ ਵਧਾਈ ਜਾ ਸਕਦੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ ਅਤੇ ਬਾਕੀ ਲੋਕਾਂ ਨੂੰ ਵੀ ਸੁਰੱਖਿਅਤ ਰੱਖਿਆ ਜਾ ਸਕੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਲੋਕ ਵਿਦੇਸ਼ਾਂ ਤੋਂ ਪਰਤ ਰਹੇ ਹਨ ਉਨ੍ਹਾਂ ਦੀ ਜਾਂਚ ਉਨ੍ਹਾਂ ਦੇ ਘਰ ਵਿੱਚ ਹੀ ਕੀਤੀ ਜਾਵੇਗੀ। ਉਨ੍ਹਾਂ ਦੇ ਨਾਲ ਵਾਲੇ ਮੁਸਾਫਰਾਂ ਦੇ ਵੀ ਟੈਸਟ ਕੀਤੇ ਜਾਣਗੇ। ਦੱਸ ਦਈਏ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ 182 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ ਹੈ।