ਚੰਡੀਗੜ੍ਹ: ਪੰਜਾਬ ਚੋਣਾਂ ਦੌਰਾਨ ਈਡੀ ਦੀ ਰੇਡ ਨੂੰ ਲੈਕੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਚਰਨਜੀਤ ਚੰਨੀ ਨੇ ਈਡੀ ਦੀ ਰੇਡ ਨੂੰ ਲੈਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕੇਂਦਰ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਚੋਣਾਂ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਵਿੱਚ ਕਾਂਗਰਸ ਨੂੰ ਹਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਤਾਂ ਕਿ ਆਮ ਆਦਮੀ ਪਾਰਟੀ ਨੂੰ ਜਤਾਇਆ ਜਾ ਸਕੇ।
'ਪੀਐਮ ਦੀ ਰੈਲੀ ਦਾ ਲਿਆ ਜਾ ਰਿਹਾ ਬਦਲਾ'
ਇਸ ਦੌਰਾਨ ਚੰਨੀ ਨੇ ਕੇਂਦਰ ਸਰਕਾਰ ’ਤੇ ਇਲਜ਼ਾਮ ਲਗਾਇਆ ਹੈ ਕਿ ਫਿਰੋਜ਼ਪੁਰ ’ਚ ਪੀਐਮ ਦੀ ਰੈਲੀ ਨਾ ਹੋਣ ਕਾਰਨ ਉਨ੍ਹਾਂ ਨੂੰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦਾ ਬਦਲਾ ਹੀ ਕੇਂਦਰ ਸਰਕਾਰ ਉਨ੍ਹਾਂ ਖਿਲਾਫ਼ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ।
'2018 ਦਰਜ ਐਫਆਈਆਰ ਚ ਨਹੀਂ ਸੀ ਭਾਣਜੇ ਦਾ ਨਾਮ'
ਉਨ੍ਹਾਂ ਕਿਹਾ ਕਿ ਜੋ ਉਨ੍ਹਾਂ ਦੇ ਭਾਣਜੇ ਖਿਲਾਫ਼ ਈਡੀ ਨੇ ਰੇਡ ਕੀਤੀ ਹੈ ਉਹ 2018 ਦਾ ਮਾਮਲਾ ਹੈ ਚੰਨੀ ਦੇ ਦੱਸਿਆ ਕਿ ਉਸ ਮਾਮਲੇ ਵਿੱਚ ਉਨ੍ਹਾਂ ਦੇ ਭਾਣਜੇ ਦਾ ਨਾਮ ਐਫਆਈਆਰ ਵਿੱਚ ਦਰਜ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਤੋ ਰਾਤ ਉਨ੍ਹਾਂ ਦੇ ਭਾਣਜੇ ਦਾ ਨਾਮ ਸ਼ਾਮਿਲ ਕਰ ਈਡੀ ਦੀ ਰੇਡ ਕੀਤੀ ਗਈ ਹੈ ਤਾਂ ਕਿ ਉਨ੍ਹਾਂ ਦੇ ਬਦਨਾਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਿਹੜੇ ਵੀ ਰਾਜਾਂ ਵਿੱਚ ਉਨ੍ਹਾਂ ਦੀ ਸਰਕਾਰ ਨਹੀਂ ਉੱਥੇ ਅਜਿਹੇ ਹੀ ਹਥਕੰਢੇ ਅਪਣਾਉਂਦੀ ਹੈ।
ਚੋਣਾਂ ’ਚ ਵਿਰੋਧੀ ਪਾਰਟੀਆਂ ਖਿਲਾਫ਼ ਰਚੀਆਂ ਜਾਂਦੀਆਂ ਸਾਜ਼ਿਸ਼ਾਂ
ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੇ ਰਿਸ਼ਤੇਦਾਰਾਂ ਖਿਲਾਫ਼ ਝੂਠੇ ਮਾਮਲੇ ਦਰਜ ਹੋਏ ਸਨ। ਈਡੀ ਦੀ ਰੇਡ ਨੂੰ ਲੈਕੇ ਚਰਨਜੀਤ ਚੰਨੀ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਕਰੀਬੀਆਂ ਉੱਤੇ ਮਾਮਲੇ ਦਰਜ ਹੋਏ ਸਨ ਉਸ ਸਮੇਂ ਕੇਜਰੀਵਾਲ ਪਰੇਸ਼ਾਨ ਹੋ ਰਹੇ ਸਨ ਅਤੇ ਜੇਕਰ ਚਰਨਜੀਤ ਚੰਨੀ ਦੇ ਰਿਸ਼ਤੇਦਾਰਾਂ ਖਿਲਾਫ਼ ਕਾਰਵਾਈ ਹੋ ਰਹੀਆਂ ਹਨ ਤਾਂ ਕੇਜਰੀਵਾਲ ਖੁਸ਼ ਹੋ ਰਹੇ ਹਨ। ਚੰਨੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਚੋਣਾਂ ਦੌਰਾਨ ਕਾਂਗਰਸ ਲੀਡਰਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਤਾਂ ਕਿ ਕਾਂਗਰਸ ਉਮੀਦਵਾਰ ਆਪਣੇ ਨਾਮਜ਼ਦਗੀਆਂ ਵੀ ਦਾਖਲ ਨਾ ਕਰ ਸਕਣ ਜੋ ਕਿ ਸਰਾਸਰ ਗਲਤ ਹੈ।
ਚੰਨੀ ਦੀ ਚੋਣ ਕਮਿਸ਼ਨ ਨੂੰ ਅਪੀਲ
ਈਡੀ ਦੀ ਰੇਡ ਨੂੰ ਲੈਕੇ ਚਰਨਜੀਤ ਚੰਨੀ ਵੱਲੋਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਹੈ। ਚੰਨੀ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਕਿ ਜੇਕਰ ਉਹ ਪੰਜਾਬ ਵਿੱਚ ਅਮਨ ਅਮਾਨ ਨਾਲ ਚੋਣਾਂ ਕਰਵਾਉਣਾ ਚਾਹੁੰਦੇ ਹਨ ਤਾਂ ਕੇਂਦਰ ਵੱਲੋਂ ਜੋ ਇਹ ਸਾਜਿਸ਼ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਾਣ ਬੁੱਝ ਕੇ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਜੋ ਕਿ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਸੁਖਬੀਰ ਬਾਦਲ ਦਾ ਚੰਨੀ, ਸਿੱਧੂ ਤੇ ਜਾਖੜ ’ਤੇ ਵੱਡਾ ਬਿਆਨ, ਕਹਿ ਦਿੱਤੀ ਇਹ ਗੱਲ !