ਚੰਡੀਗੜ੍ਹ: ਕੋਵਿਡ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ ਜਿਸ ’ਤੇ ਪਲਟਵਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਾ ਸਿਰਫ ਸੂਬੇ ਵੱਲੋਂ ਪ੍ਰਤੀ 10 ਲੱਖ ਦੇ ਹਿਸਾਬ ਨਾਲ ਕੌਮੀ ਔਸਤ ਤੋਂ ਵੱਧ ਟੈਸਟਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਹਾਲਾਤ ਸਗੋਂ ਹੋਰ ਵੀ ਬਿਹਤਰ ਹੁੰਦੇ ਜੇਕਰ ਭਾਰਤ ਸਰਕਾਰ ਨੇ 45 ਸਾਲ ਤੋਂ ਵੱਧ ਉਮਰ ਵਰਗ ਦੇ ਵਿਅਕਤੀਆਂ ਲਈ ਕੋਵਿਡ ਟੀਕਾਕਰਨ ਦਾ ਦਾਇਰਾ ਵਧਾਉਣ ਵਿੱਚ ਦੇਰੀ ਨਾ ਕੀਤੀ ਹੁੰਦੀ।
ਇਹ ਵੀ ਪੜੋ: ਐੱਚ.ਆਰ.ਟੀ.ਸੀ ਦੀ ਪਹਿਲੀ ਮਹਿਲਾ ਬੱਸ ਡਰਾਈਵਰ ਸੀਮਾ ਠਾਕੁਰ
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ 45 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਟੀਕਾਕਰਨ ਤਹਿਤ ਲਿਆਉਣ ’ਚ 2 ਮਹੀਨੇ ਦੀ ਦੇਰੀ ਕਰਨ ਦੀ ਬਜਾਏ 50 ਸਾਲ ਤੋਂ ਜ਼ਿਆਦਾ ਦੀ ਸ਼੍ਰੇਣੀ ਵਾਲੀ ਆਬਾਦੀ ਲਈ ਪਹਿਲਾਂ ਹੀ ਟੀਕਾਕਰਨ ਦੀ ਸੂਬੇ ਦੀ ਮੰਗ ਮੰਨ ਲਈ ਹੁੰਦੀ ਤਾਂ ਹਾਲਾਤ ਸ਼ਾਇਦ ਮੌਜੂਦਾ ਨਾਲੋਂ ਬਿਹਤਰ ਹੋ ਸਕਦੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਸਮਾਜਿਕ ਇਕੱਠਾਂ ’ਤੇ ਕਰੜੀਆਂ ਪਾਬੰਦੀਆਂ ਲਾਈਆਂ ਗਈਆਂ ਹਨ ਤੇ ਸਮੂਹ ਸਿੱਖਿਆ ਸੰਸਥਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕੋਵਿਡ ਤੋਂ ਬੁਰੀ ਤਰਾਂ ਪ੍ਰਭਾਵਿਤ 11 ਜ਼ਿਲ੍ਹਿਆ ਵਿੱਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਇਆ ਗਿਆ ਹੈ। ਉਹਨਾਂ ਨੇ ਕਿਹਾ ਕਿ ਚੋਣਵੇਂ ਇਲਾਕਿਆਂ ਵਿੱਚ ਸਮੂਹ ਉਮਰ ਵਰਗਾਂ ਨੂੰ ਟੀਕਾਕਰਨ ਤਹਿਤ ਲਿਆਉਣ ਨਾਲ ਬਿਹਤਰ ਨਤੀਜੇ ਹਾਸਲ ਹੋਣਗੇ ਬਜਾਏ ਇਸਦੇ ਕਿ ਹਰੇਕ ਵਾਰ ਆਬਾਦੀ ਦੇ ਛੋਟੇ ਹਿੱਸੇ ਨੂੰ ਮਿਆਦੀ ਤੌਰ ’ਤੇ ਟੀਕਾਕਰਨ ਹੇਠ ਲਿਆਉਣਾ।
ਟੈਸਟਿੰਗ ਪੱਖੋਂ ਅੰਕੜਿਆਂ ਦੀ ਸਥਿਤੀ ਸਪੱਸ਼ਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਉਭਾਰ ਜੋ ਕਿ ਸਤੰਬਰ 2020 ਦੌਰਾਨ ਵੇਖਣ ਵਿੱਚ ਆਇਆ ਸੀ, ਪਾਜ਼ਿਟਿਵਿਟੀ ਦਰ 10 ਦੇ ਕਰੀਬ ਸੀ ਅਤੇ ਸੂਬੇ ਵੱਲੋਂ ਪ੍ਰਤੀ ਦਿਨ 30,000 ਕੋਵਿਡ ਨਮੂਨਿਆਂ ਦੀ ਜਾਂਚ ਕੀਤੀ ਜਾ ਰਹੀ ਸੀ। ਹੁਣ ਜਦੋਂ ਇਹ ਦਰ 7 ਫੀਸਦੀ ਤੋਂ ਵੱਧ ਹੈ ਤਾਂ ਸੂਬੇ ਵੱਲੋਂ 40,000 ਕੋਵਿਡ ਨਮੂਨਿਆਂ ਦੀ ਪ੍ਰਤੀ ਦਿਨ ਟੈਸਟਿੰਗ ਕੀਤੀ ਜਾ ਰਹੀ ਹੈ। ਉਹਨਾਂ ਇਹ ਵੀ ਦੱਸਿਆ ਕਿ ਸੂਬੇ ਵੱਲੋਂ ਆਰ.ਟੀ.ਪੀ.ਸੀ.ਆਰ. ਰਾਹੀਂ 90 ਫੀਸਦੀ ਅਤੇ ਆਰ.ਏ.ਟੀ. ਰਾਹੀਂ 10 ਫੀਸਦੀ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਪ੍ਰਤੀ 10 ਲੱਖ ਦੇ ਹਿਸਾਬ ਨਾਲ ਇਹ ਟੈਸਟਿੰਗ 1,96,667 ਤੱਕ ਪਹੁੰਚ ਚੁੱਕੀ ਹੈ ਜਦੋਂ ਕਿ ਕੌਮੀ ਔਸਤ 1,82,296 ਹੈ।
ਇਹ ਵੀ ਪੜੋ: ਸੂਬਾ ਸਰਕਾਰ ਕਿਸਾਨਾਂ ਦਾ ਨਹੀਂ ਗੈਂਗਸਟਰਾਂ ਦਾ ਦੇ ਰਹੀ ਸਾਥ: ਮਜੀਠੀਆ