ਚੰਡੀਗੜ੍ਹ: ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਖੇਤਰ ਨਾਲ ਸਬੰਧਤ ਆਰਡੀਨੈਂਸਾਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਆਗੂਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ। ਮੀਟਿੰਗ ਵਿੱਚ ਸਾਰੀਆਂ ਧਿਰਾਂ ਵਿੱਚ ਆਮ ਸਹਿਮਤੀ ਬਣੀ ਹੈ ਕਿ ਇਨ੍ਹਾਂ ਆਰਡੀਨੈਸਾਂ ਨੂੰ ਵਾਪਸ ਕਰਵਾਇਆ ਜਾਵੇਗਾ।
ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਾਰੀਆਂ ਕਿਸਾਨਾਂ ਧਿਰਾਂ ਅਤੇ ਸਿਆਸੀ ਪਾਰਟੀਆਂ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਖੜ੍ਹੀਆਂ ਹਨ। ਉਨ੍ਹਾਂ ਕਿਹਾ ਸਿਰਫ ਦੋ ਪਾਰਟੀਆਂ ਹੀ ਕਿਸਾਨਾਂ ਦੀ ਬਾਹ ਫੜ੍ਹਣ ਦੀ ਬਜਾਏ ਆਪਣੀ ਕੁਰਸੀ ਫੜ੍ਹ ਕੇ ਖੜ੍ਹੀਆਂ ਹਨ। ਉਨ੍ਹਾਂ ਦਾ ਇਹ ਇਸ਼ਾਰਾ ਅਕਾਲੀ ਦਲ ਤੇ ਭਾਜਪਾ ਵੱਲ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਨੂੰ ਕਿਸਾਨਾਂ ਦੇ ਹਿੱਤਾਂ ਤੋਂ ਵੱਧ ਆਪਣੀ ਕੁਰਸੀ ਪਹਿਲਾਂ ਹੈ।
ਉਨ੍ਹਾਂ ਕਿਹਾ ਮੀਟਿੰਗ ਵਿੱਚ ਬਿਜਲੀ ਸੋਧ ਕਾਨੂੰਨ-2020 'ਤੇ ਵੀ ਚਰਚਾ ਕੀਤੀ ਗਈ। ਇਸ ਮਾਮਲੇ 'ਤੇ ਵੀ ਸਾਰੀਆਂ ਧਿਰਾਂ ਨੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਵੀ ਸੰਘੀ ਢਾਂਚੇ 'ਤੇ ਵੱਡਾ ਹਮਲਾ ਹੈ। ਸੂਬੇ ਦੇ ਕਿਸਾਨਾਂ ਨੇ ਮੁੱਖ ਮੰਤਰੀ ਕੋਲ ਝੋਨੇ ਦੇ ਸੀਜਨ ਦੇ ਵਿੱਚ ਡੀਜ਼ਲ ਸਾਢੇ ਤਿੰਨ ਰੁਪਏ ਸਸਤਾ ਕਰਨ ਦੀ ਮੰਗ ਕੀਤੀ ਤਾਂ ਇਸ ਸਵਾਲ ਦਾ ਜਵਾਬ ਦਿੰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਹਾਂਮਾਰੀ ਦੇ ਦੌਰਾਨ ਇੱਕ ਲੱਖ ਬਿਆਸੀ ਹਜ਼ਾਰ ਕਰੋੜ ਰੁਪਏ ਤੇਲ ਦੀਆਂ ਕੀਮਤਾਂ ਵਧਾ ਕੇ ਕਮਾਇਆ ਹੈ ਬਿਨਾਂ ਸਵਾਲ ਦਾ ਜਵਾਬ ਦਿੱਤੇ ਜਾਖੜ ਨਿਕਲਦੇ ਬਣੇ।