ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਦੀ ਅਗਵਾਈ ਵਿੱਚ ਸਾਬਕਾ ਸਿਵਲ ਸਰਜਨ ਡਾ. ਦਲੇਰ ਮੁਲਤਾਨੀ ਅਤੇ ਡੇਰਾ ਬਾਬਾ ਨਾਨਕ ਗੁਰਦਾਸਪੁਰ ਤੋਂ ਕਾਂਗਰਸ ਦੇ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤੇ ਗਏ।
ਇਸ ਦੌਰਾਨ ਜਰਨੈਲ ਸਿੰਘ ਨੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਇਹ ਕਹਿ ਕੇ ਸਾਫ਼ ਕਰ ਦਿੱਤਾ ਹੈ ਕਿ ਦਿੱਲੀ ਪੁਲਿਸ ਖ਼ੁਦ ਟਰੈਕਟਰ ਮਾਰਚ ਬਾਰੇ ਕੋਈ ਫ਼ੈਸਲਾ ਕਰੇ ਅਤੇ ਸੁਪਰੀਮ ਕੋਰਟ ਵੱਲੋਂ ਕੋਈ ਵੀ ਮਾਮਲੇ ਵਿੱਚ ਸੁਣਵਾਈ ਨਹੀਂ ਕੀਤੀ ਜਾਵੇਗੀ। ਇਸ ਤੋਂ ਸਾਫ ਹੈ ਕਿ ਕੇਂਦਰ ਦੀ ਸਰਕਾਰ ਦਿੱਲੀ ਪੁਲਿਸ ਸਹਾਰੇ ਸੰਘਰਸ਼ ਨੂੰ ਖਤਮ ਕਰਵਾਉਣਾ ਚਾਹੁੰਦੀ ਹੈ।
ਜਰਨੈਲ ਸਿੰਘ ਨੇ ਕਿਸਾਨ ਆਗੂਆਂ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਕਾਨੂੰਨ ਰੱਦ ਕਰਨ ਬਾਰੇ ਹੀ ਅਗਲੀ ਮੀਟਿੰਗ ਵਿੱਚ ਵਿਚਾਰ ਕੀਤਾ ਜਾਵੇ ਕਿਉਂਕਿ ਪਿਛਲੀਆਂ ਦੱਸ ਬੈਠਕਾਂ ਵਿੱਚ ਕੋਈ ਵੀ ਸਿੱਟਾ ਨਹੀਂ ਨਿਕਲਿਆ ਹੈ। ਦਿੱਲੀ ਪੁਲਿਸ 'ਤੇ ਨਿਸ਼ਾਨਾ ਸਾਧਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਦਿੱਲੀ ਪੁਲਿਸ ਕੰਮ ਕਰ ਰਹੀ ਹੈ।
ਕਿਸਾਨ ਲਗਾਤਾਰ ਸ਼ਾਂਤਮਈ ਤਰੀਕੇ ਨਾਲ ਧਰਨੇ 'ਤੇ ਬੈਠੇ ਨੇ ਤੇ ਹੁਣ ਤੱਕ ਕਿਸੇ ਵੀ ਪ੍ਰਦਰਸ਼ਨਕਾਰੀ ਨੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਤੇ ਸਰਕਾਰ ਲਗਾਤਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ ਤੇ ਦਿੱਲੀ ਪੁਲਿਸ ਨੂੰ ਭਾਜਪਾ ਦੇ ਇਸ਼ਾਰਿਆਂ 'ਤੇ ਕੰਮ ਛੱਡ ਆਪਣੀ ਡਿਊਟੀ ਕਰਨੀ ਚਾਹੀਦੀ ਹੈ।