ਸ੍ਰੀ ਫਤਿਹਗੜ੍ਹ ਸਾਹਿਬ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੌਰੇ ‘ਤੇ ਪੁੱਜੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਫ਼ੀਆ ਰਾਜ ਦੇ ਦਿਨ ਪੁੱਗ ਗਏ (Days of mafia raj have gone) ਹਨ। ਉਨ੍ਹਾਂ ਕਿਹਾ ਕਿ ਚਮਕੌਰ ਸਾਹਿਬ ਥੀਮ ਪਾਰਕ ਦਾ ਉਦਘਾਟਨ 15 ਨਵੰਬਰ ਨੂੰ ਕੀਤਾ ਜਾਵੇਗਾ। ਸੀਐਮ ਚੰਨੀ ਨੇ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਲਈ 10 ਕਰੋੜ ਰੁਪਏ ਦਾ ਪੈਕੇਜ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਸਥਾਨਕ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੀ ਮੰਗ ਉਤੇ ਇਹ ਪੈਕੇਜ ਦੇਣ ਦਾ ਐਲਾਨ ਕੀਤਾ (Kuljit Nagra demanded this package)।
ਫਤਿਹਗੜ੍ਹ ਸਾਹਿਬ-ਮੋਰਿੰਡਾ ਸੜਕ ਦਾ ਨਾਂ ਮਾਤਾ ਗੁਜਰੀ ਮਾਰਗ ਐਲਾਨਿਆ
ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਤਹਿਗੜ੍ਹ ਸਾਹਿਬ-ਮੋਰਿੰਡਾ ਸੜਕ ਦਾ ਨਾਂ ਮਾਤਾ ਗੁਜਰੀ ਜੀ ਦੇ ਨਾਮ ਉਪਰ ਰੱਖਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਸੜਕ ਨੂੰ ਇੱਕ ਮਹੀਨੇ ਦੇ ਵਿੱਚ-ਵਿੱਚ ਚੌੜਾ ਕੀਤਾ ਜਾਵੇਗਾ।ਅੱਜ ਇੱਥੇ ਵਿਰਾਸਤ ਵਿਲਾ ਪੈਲੇਸ ਵਿੱਚ ਲੱਗੇ ਸੁਵਿਧਾ ਕੈਂਪ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਮਾਫ਼ੀਆ ਰਾਜ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ ਕਿਉਂਕਿ ਹੁਣ ਆਮ ਲੋਕਾਂ ਦਾ ਰਾਜ ਸਥਾਪਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਟਰਾਂਸਪੋਰਟ ਮਾਫ਼ੀਆ (Transport Mafia) ਦਾ ਖ਼ਾਤਮਾ ਕੀਤਾ ਗਿਆ ਅਤੇ ਮਾਈਨਿੰਗ ਮਾਫ਼ੀਆ ਦਾ ਖ਼ਾਤਮਾ ਕੀਤਾ ਜਾ ਰਿਹਾ ਹੈ। ਇਸ ਤੋਂ ਅਗਲੀ ਵਾਰੀ ਕੇਬਲ ਮਾਫ਼ੀਆ ਦੀ ਹੈ।
ਨਾਗਰਾ ਨਾਲ ਦੱਸੀ ਪੁਰਾਣੀ ਸਾਂਝ
ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਸਥਾਨਕ ਵਿਧਾਇਕ ਕੁਲਜੀਤ ਨਾਗਰਾ ਨਾਲ ਆਪਣੀ ਪੁਰਾਣੀ ਸਾਂਝ ਦੀਆਂ ਤੰਦਾਂ ਵੀ ਛੇੜੀਆਂ। ਉਨ੍ਹਾਂ ਕਿਹਾ ਕਿ ਅਸੀਂ ਦੋਵੇਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਤ ਧਰਤੀ ਦੇ ਚੁਣੇ ਹੋਏ ਨੁਮਾਇੰਦੇ ਹਾਂ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੇ ਵਿਕਾਸ ਲਈ ਕੋਈ ਕਸਰ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸ. ਨਾਗਰਾ ਨੇ ਲੋਕਾਂ ਤੇ ਪਾਰਟੀ ਦੀ ਸੇਵਾ ਨੂੰ ਪਹਿਲ ਦਿੰਦਿਆਂ ਮੰਤਰੀ ਦਾ ਅਹੁਦਾ ਤਿਆਗਿਆ, ਉਨ੍ਹਾਂ ਨਾਲ ਮੇਰੀ ਪਰਿਵਾਰਕ ਸਾਂਝ ਵੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਕੁਲਜੀਤ ਸਿੰਘ ਨਾਗਰਾ ਹਲਕੇ ਲਈ ਮੰਗ ਕਰਨਗੇ, ਉਹ ਪਹਿਲ ਦੇ ਆਧਾਰ ਉਤੇ ਪੂਰੀ ਕੀਤੀ ਜਾਵੇਗੀ।
ਚਮਕੌਰ ਸਾਹਿਬ ਥੀਮ ਪਾਰਕ 15 ਨਵੰਬਰ ਨੂੰ ਹੋਵੇਗਾ ਸ਼ੁਰੂ
ਸੀਐਮ ਨੇ ਦੱਸਿਆ ਕਿ ਸਿੱਖ ਕੌਮ ਦੀ ਮਾਣਮੱਤੀ ਵਿਰਾਸਤ ਨੂੰ ਦਰਸਾਉਣ ਲਈ ਚਮਕੌਰ ਸਾਹਿਬ ਥੀਮ ਪਾਰਕ 15 ਨਵੰਬਰ (Chamkaur Sahib theme park to be opened on Nov 15) ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਦੀਵਾਲੀ ਮੌਕੇ ਪੰਜਾਬ ਵਾਸੀਆਂ ਲਈ ਕਿਸੇ ਵੱਡੇ ਤੋਹਫ਼ੇ ਦਾ ਐਲਾਨ ਕਰਨ ਦੀ ਗੱਲ ਆਖੀ ਅਤੇ ਕਿਹਾ ਕਿ ਲੋਕਾਂ ਨੂੰ ਇਸ ਬਾਰੇ ਛੇਤੀ ਹੀ ਪਤਾ ਲੱਗ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਫ਼ੈਸਲੇ ਲੈਂਦਿਆਂ ਦੋ ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਦੇ ਬਕਾਏ ਮੁਆਫ਼ (Balance electricity bill waived off) ਕਰ ਦਿੱਤੇ ਹਨ। ਪਾਣੀ ਦੇ ਬਿੱਲਾਂ ਦੇ ਬਕਾਏ ਮੁਆਫ਼ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਪਿੰਡਾਂ ਵਿੱਚ ਪਾਣੀ ਦਾ ਬਿੱਲ ਅਗਾਂਹ ਤੋਂ 50 ਰੁਪਏ ਤੱਕ ਮਹਿਦੂਦ ਕਰ ਦਿੱਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਲਾਲ ਲਕੀਰ ਅੰਦਰ ਡਰੋਨ ਨਾਲ ਹੋ ਰਹੀ ਮੈਪਿੰਗ
ਉਨ੍ਹਾਂ ਮੇਰਾ ਘਰ ਮੇਰੇ ਨਾਮ ਸਕੀਮ ਦਾ ਖ਼ਾਸ ਜ਼ਿਕਰ ਕਰਦਿਆਂ ਆਖਿਆ ਕਿ ਹੁਣ ਲਾਲ ਲਕੀਰ ਅੰਦਰ ਘਰਾਂ ਦੇ ਮਾਲਕਾਂ ਨੂੰ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ ਅਤੇ ਇਸ ਕੰਮ ਲਈ ਘਰਾਂ ਦੀ ਡਰੋਨ ਰਾਹੀਂ ਮੈਪਿੰਗ ਕਰਵਾਈ ਜਾ ਰਹੀ ਹੈ।ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਮੰਗ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਜਲਦੀ ਹੀ ਪੰਜਾਬ ਵਿੱਚੋਂ ਕੇਬਲ ਮਾਫ਼ੀਆ ਦਾ ਮੁਕੰਮਲ ਖ਼ਾਤਮਾ ਕਰਨ ਜਾ ਰਹੇ ਹਨ ਕਿਉਂਕਿ ਉਹ ਆਮ ਲੋਕਾਂ ਦੇ ਦਰਦ ਨੂੰ ਸਮਝਦੇ ਹਨ। ਉਨ੍ਹਾਂ ਸੁਵਿਧਾ ਕੈਂਪ ਦੌਰਾਨ ਵੱਖ ਵੱਖ ਸੇਵਾਵਾਂ ਦੇ ਲਾਭਪਾਤਰੀਆਂ ਨੂੰ ਸੇਵਾਵਾਂ ਹਾਸਲ ਕਰਨ ਦੇ ਸਰਟੀਫਿਕੇਟ ਵੀ ਤਕਸੀਮ ਕੀਤੇ।ਇਸ ਦੌਰਾਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਹਲਕੇ ਦੀਆਂ ਮੁੱਖ ਮੰਗਾਂ ਦਾ ਜ਼ਿਕਰ ਕੀਤਾ ਅਤੇ ਇਨ੍ਹਾਂ ਨੂੰ ਜਲਦੀ ਪੂਰਾ ਕਰਨ ਲਈ ਕਿਹਾ।
ਸੰਸਦ ਮੈਂਬਰ ਤੇ ਹੋਰ ਉੱਘੀਆਂ ਸਖ਼ਸ਼ੀਅਤਾਂ ਰਹੀਆਂ ਮੌਜੂਦ
ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ, ਸ੍ਰੀਮਤੀ ਮਨਦੀਪ ਕੌਰ ਨਾਗਰਾ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਡਾ. ਸ਼ੌਕਤ ਅਹਿਮਦ ਪਰੈ, ਕਮਿਸ਼ਨਰ ਪਟਿਆਲਾ ਡਿਵੀਜ਼ਨ ਚੰਦਰ ਗੈਂਦ, ਆਈ.ਜੀ. ਅਰੁਨ ਕੁਮਾਰ ਮਿੱਤਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਹਾਜ਼ਰ ਸਨ।ਇਸ ਤੋਂ ਪਹਿਲਾਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।
ਉਪ ਮੰਡਲ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ
ਫਤਿਹਗੜ੍ਹ ਸਾਹਿਬ ਦੇ ਆਪਣੇ ਦੌਰੇ ਦੌਰਾਨ ਉਨ੍ਹਾਂ ਅੰਬੇਦਕਰ ਭਵਨ ਫਤਿਹਗੜ੍ਹ ਸਾਹਿਬ ਨੇੜੇ ਕਰੀਬ 07 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਉਪ ਮੰਡਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਆਮ ਖਾਸ ਬਾਗ, ਸਰਹਿੰਦ ਦੀ ਪੁਰਾਤਨ ਦਿੱਖ ਕਾਇਮ ਰੱਖਦਿਆਂ ਇਸ ਦੀ ਸਾਂਭ ਸੰਭਾਲ ਲਈ 06.50 ਕਰੋੜ ਦੇ ਪ੍ਰੋਜੈਕਟ ਦੇ ਹਿੱਸੇ ਵਜੋਂ ਸੁਰਜੀਤ ਕੀਤੇ ਗਏ ਮਹਿਤਾਬੀ ਬਾਗ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਸ. ਚੰਨੀ ਨੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਨੇੜੇ ਬੂਟਾ ਵੀ ਲਾਇਆ।