ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਦੌਰੇ ’ਤੇ ਹਨ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਕਿਸਾਨੀ ਮੁੱਦਿਆ ’ਤੇ ਅਤੇ ਲਖੀਮਪੁਰ ਖੀਰੀ ਦੇ ਘਟਨਾਕ੍ਰਮ ਸਬੰਧੀ ਗੱਲਬਾਤ ਕਰ ਸਕਦੇ ਹਨ।
ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਚਰਨਜੀਤ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਸ਼ਾਮ ਨੂੰ ਕਰੀਬ 6 ਵਜੇ ਮੁਲਾਕਾਤ ਕਰ ਸਕਦੇ ਹਨ। ਇਸ ਮੁਲਾਕਾਤ ਦੌਰਾਨ ਲਖੀਮਪੁਰ ਮਾਮਲੇ ਨੂੰ ਲੈ ਕੇ ਗੱਲਬਾਤ ਕੀਤੀ ਜਾ ਸਕਦੀ ਹੈ। ਹਾਲਾਂਕਿ ਕਿਹਾ ਇਹ ਵੀ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਪਾਰਟੀ ਦੇ ਨੇਤਾਵਾਂ ਦੇ ਨਾਲ ਵੀ ਮੁਲਾਕਾਤ ਕਰ ਸਕਦੇ ਹਨ।
ਮੁੱਖ ਮੰਤਰੀ ਚੰਨੀ ਨੇ ਕੀਤੀ ਸੀ ਪੀਐੱਮ ਨਾਲ ਵੀ ਮੁਲਾਕਾਤ
ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਇਸ ਤੋਂ ਕੁਝ ਦਿਨ ਪਹਿਲਾਂ ਆਪਣੇ ਦਿੱਲੀ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਈ ਮੁੱਦੇ ਚੁੱਕੇ ਸੀ। ਨਾਲ ਹੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਨੂੰ ਖ਼ਤਮ ਕਰਨ ਦੀ ਅਪੀਲ ਵੀ ਕੀਤੀ ਸੀ। ਅਜਿਹੀ ਸਥਿਤੀ ਵਿੱਚ ਮੰਨਿਆ ਜਾ ਰਿਹਾ ਹੈ ਕਿ ਚੰਨੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਵਿੱਚ ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਉਠਾ ਸਕਦੇ ਹਨ।
ਇਨ੍ਹਾਂ ਮੁੱਦਿਆ ’ਤੇ ਕੀਤੀ ਜਾ ਸਕਦੀ ਹੈ ਗੱਲਬਾਤ
ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਪੰਜਾਬ ਲਈ ਖਤਰੇ ਦਾ ਮੁੱਦਾ ਵੀ ਚੁੱਕਣਗੇ। ਖਾਸ ਕਰਕੇ ਪਾਕਿਸਤਾਨ ਤੋਂ ਆਉਣ ਵਾਲੇ ਡਰੋਨਾਂ ਦੇ ਮਾਮਲਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕਰ ਸਕਦੇ ਹਨ। ਦੱਸ ਦਈਏ ਕਿ ਪਾਕਿਸਤਾਨ ਤੋਂ ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਡਰੋਨ ਰਾਹੀਂ ਕੀਤੀ ਜਾ ਰਹੀ ਹੈ। ਡਰੋਨ ਤੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਕਈ ਮਾਮਲੇ ਵੀ ਫੜੇ ਗਏ ਹਨ, ਫਿਰ ਵੀ ਇਹ ਸਿਲਸਿਲਾ ਰੁਕ ਨਹੀਂ ਰਿਹਾ ਹੈ।
ਸੀਐੱਮ ਚੰਨੀ ਨੇ ਕੀਤਾ ਰਾਜਸਥਾਨ ਦਾ ਦੌਰਾ ਰੱਦ
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਨੂੰ ਵੀ ਮਿਲਣ ਵਾਲੇ ਸੀ ਪਰ ਗਹਿਲੋਤ ਨੇ ਚੰਨੀ ਦੇ ਸਨਮਨ ਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿਹਤ ਖਰਾਬ ਹੋਣ ਦਾ ਹਵਾਲਾ ਦੇ ਕੇ ਰਾਜਸਥਾਨ ਦਾ ਦੌਰਾ ਰੱਦ ਕਰ ਦਿੱਤਾ। ਇਸ ਸਬੰਧੀ ਰਾਜਸਥਾਨ ਦੇ ਸੀਐੱਮ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਨੇ ਰਾਜਪਾਲ ਨੂੰ ਸੌਂਪਿਆ ਸੀ ਮੰਗ ਪੱਤਰ
ਦੱਸ ਦਈਏ ਕਿ ਸੀਐੱਮ ਚਰਨਜੀਤ ਸਿੰਘ ਚੰਨੀ (Chief Minister Charanjit Channi) ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ (Lakhimpur of UP) ’ਚ ਵਾਪਰੀ ਘਟਨਾ ਨੂੰ ਲੈ ਕੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਮਾਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਸੀ ਕਿ ਲਖੀਮਪੁਰ ਘਟਨਾ ਦੇ ਦੋਸ਼ਿਆ ਨੂੰ ਸਜ਼ਾ ਦਿੱਤੀ ਜਾਵੇ ਨਾਲ ਹੀ ਚੰਨੀ ਨੇ ਖੇਤੀ ਕਾਨੂੰਨਾ ਬਾਰੇ ਬੋਲਦਿਆਂ ਕਿਹਾ ਕਿ ਇਹ ਕਾਨੂੰਨ ਰੱਦ ਹੋਣੇ ਚਾਹਿਦੇ ਹਨ। ਮੁੱਖ ਮੰਤਰੀ (Chief Minister) ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਤੇ ਕਿਹਾ ਕਿ ਲਖੀਮਪੁਰ ਘਟਨਾ ਦੇ ਦੋਸ਼ਿਆ ਨੂੰ ਸਜ਼ਾ ਦਿੱਤੀ ਜਾਵੇ।
ਕੀ ਬਣੀ ਸਹਿਮਤੀ?
ਕਾਬਿਲੇਗੌਰ ਹੈ ਕਿ ਲਖੀਮਪੁਰ ਮਾਮਲੇ 'ਚ ਭਾਵੇਂ ਕਿਸਾਨਾਂ ਅਤੇ ਯੂਪੀ ਸਰਕਾਰ ਦੀ ਸਹਿਮਤੀ ਬਣ ਗਈ ਪਰ ਫਿਰ ਵੀ ਇਸਤੇ ਜੰਮਕੇ ਸਿਆਸਤ ਹੋ ਰਹੀ ਹੈ। ਪੰਜਾਬ ਦੀ ਹਰ ਸਿਆਸੀ ਪਾਰਟੀ ਕਿਸਾਨਾਂ ਦੇ ਹੱਕ ਚ ਨਿੱਤਰ ਰਹੀ ਹੈ। ਦੱਸ ਦਈਏ ਕਿ ਸਰਕਾਰ ਨੇ ਕਿਹਾ ਕਿ ਮ੍ਰਿਤਕ ਦੇੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ (Government job) ਅਤੇ 45-45 ਲੱਖ ਰੁਪਏ ਦੀ ਆਰਥਿਕ ਸਹਾਇਤਾ ਮਿਲੇਗੀ ਅਤੇ ਘਟਨਾ ਦੀ ਉੱਚ ਪੱਧਰੀ ਸਥਿਤੀ ਸਾਬਕਾ ਜੱਜ ਦੀ ਪ੍ਰਧਾਨਗੀ ਕਰੇਗੀ। ਇਸ ਦੇ ਨਾਲ ਕਿਸੇ ਵੀ ਹਾਲਤ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਅੱਠ ਦਿਨ ਅੰਦਰ ਦੋਸ਼ੀਆਂ ਦੀ ਗ੍ਰਿਫਤਾਰੀ ਕੀਤੀ ਜਾਵੇਗੀ।
ਕੀ ਸੀ ਮਾਮਲਾ?
ਦੱਸ ਦਈਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਕੇਂਦਰੀ ਮੰਤਰੀਆਂ ਅਤੇ ਵੱਖ ਵੱਖ ਸੂਬਿਆਂ ਵਿਚ ਭਾਜਪਾ ਸਰਕਾਰਾਂ ਤੇ ਆਗੂਆਂ ਦੇ ਸਮਾਗਮਾਂ ਦਾ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ। ਇਸੇ ਕੜੀ ਤਹਿਤ ਕਿਸਾਨ ਇਲਾਕੇ ਵਿਚ ਆ ਰਹੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉੱਤਰ ਪ੍ਰਦੇਸ਼ ਦੇ ਡਿਪਟੀ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਸਨ। ਇਸ ਦੌਰਾਨ ਭੜਕੀ ਹਿੰਸਾ ’ਚ 8 ਕਿਸਾਨਾਂ ਦੀ ਮੌਤ ਹੋ ਗਈ।ਰਿਪੋਰਟਾਂ ਦੇ ਅਨੁਸਾਰ, ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਕਥਿਤ ਤੌਰ 'ਤੇ ਸਪੋਰਟਸ ਯੂਟਿਲਿਟੀ ਵਹੀਕਲ (ਐਸਯੂਵੀ) ਵਾਹਨਾਂ ਨਾਲ ਟਕਰਾਉਣ ਤੋਂ ਬਾਅਦ ਗੁੱਸੇ ਵਿੱਚ ਆਏ ਕਿਸਾਨਾਂ ਨੇ ਦੋ ਐਸਯੂਵੀ ਨੂੰ ਸਾੜ ਦਿੱਤਾ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਕਹਿਣਾ ਹੈ ਕਿ ਕਿਸਾਨਾਂ ਵਿੱਚ ਸ਼ਾਮਿਲ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦੇ ਕਾਫਿਲੇ ਉੱਤੇ ਹਮਲਾ ਕੀਤਾ ਸੀ।
ਇਹ ਵੀ ਪੜੋ: ਗੁਰਨਾਮ ਸਿੰਘ ਚਡੂਨੀ ਦੀ ਗ੍ਰਿਫਤਾਰੀ ਤੋਂ ਬਾਅਦ ਭਾਰੀ ਵਿਰੋਧ, ਦੇਰ ਰਾਤ ਨੂੰ ਕੀਤਾ ਰਿਹਾਅ