ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਪਿੰਡ ਮੂਸਾ ਦਾ ਦੌਰਾ ਕਰਨਗੇ। ਉੱਥੇ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣਗੇ। ਇਹ ਗੱਲ ਦਿੱਲੀ 'ਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਮਾਨ ਸਰਕਾਰ ਇਸ ਕਤਲ ਦੀ ਜਾਂਚ ਇੱਕ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਕਰਵਾਉਣਾ ਚਾਹੁੰਦੀ ਹੈ। ਹਾਲਾਂਕਿ ਪਰਿਵਾਰ ਇਸ ਗੱਲ ਨਾਲ ਸਹਿਮਤ ਨਹੀਂ ਹੈ।
ਕੈਬਨਿਟ ਮੰਤਰੀਆਂ ਨੇ ਕੀਤੀ ਮੁਲਾਕਾਤ: ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੁਲਦੀਪ ਧਾਲੀਵਾਲ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਇਸ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਮਾਨ ਸਰਕਾਰ ਦਾ ਡੈਮੇਜ ਕੰਟਰੋਲ ਵੀ ਮੰਨਿਆ ਜਾ ਰਿਹਾ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਨੌਜਵਾਨਾਂ ਵਿੱਚ ਫੈਲਿਆ ਗੁੱਸਾ ਆਮ ਆਦਮੀ ਪਾਰਟੀ ਨੂੰ ਵੱਡਾ ਨੁਕਸਾਨ ਪਹੁੰਚਾ ਸਕਦਾ ਹੈ।
ਕੇਂਦਰੀ ਮੰਤਰੀ ਸਮੇਤ ਕਈ ਆਗੂ ਪਹੁੰਚੇ: ਇਸ ਦੇ ਨਾਲ ਹੀ ਭਾਜਪਾ ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੀ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਪਿੰਡ ਮੂਸਾ ਪਹੁੰਚੇ। ਇਸ ਦੌਰਾਨ ਸੁਨੀਲ ਜਾਖੜ, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ। ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਰਕਾਰ ਦੀ ਆਲੋਚਨਾ ਵੀ ਕੀਤੀ।
ਲਾਰੈਂਸ ਦੇ ਕਰੀਬੀ ਗੈਂਗਸਟਰ ਸੰਪਤ ਨਹਿਰਾ ਤੋਂ ਪੁੱਛਗਿੱਛ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਗੈਂਗਸਟਰ ਸੰਪਤ ਨਹਿਰਾ ਤੋਂ ਪੰਜਾਬ ਪੁਲਿਸ ਨੇ ਪੁੱਛਗਿੱਛ ਕੀਤੀ ਹੈ। ਸੰਪਤ ਨਹਿਰਾ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਉਸਨੇ ਲਾਰੈਂਸ ਨਾਲ ਮਿਲ ਕੇ ਕਈ ਅਪਰਾਧ ਕੀਤੇ ਹਨ। ਪੰਜਾਬ ਪੁਲਿਸ ਉਸ ਨੂੰ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਸੀ। ਪੁੱਛਗਿੱਛ ਤੋਂ ਬਾਅਦ ਉਸ ਨੂੰ ਵਾਪਸ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ। ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਨੂੰ ਮੂਸੇਵਾਲਾ ਦੇ ਕਤਲ ਮਾਮਲੇ 'ਚ ਅਹਿਮ ਸੁਰਾਗ ਮਿਲੇ ਹਨ।
ਪੁਲਿਸ ਦੇ ਹੱਥ 3 ਦਿਨ ਬਾਅਦ ਵੀ ਖਾਲੀ: ਇਸ ਦੌਰਾਨ ਮੂਸੇਵਾਲਾ ਦੇ ਕਾਤਲਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। 3 ਦਿਨ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਪੁਲਿਸ ਕੋਲ ਕੁਝ ਨਹੀਂ ਹੈ। ਕਾਤਲਾਂ ਦੀ ਗ੍ਰਿਫ਼ਤਾਰੀ ਜਾਂ ਸਾਜ਼ਿਸ਼ ਬਾਰੇ ਕੋਈ ਖ਼ੁਲਾਸਾ ਨਹੀਂ ਹੋਇਆ ਹੈ। ਹਾਲਾਂਕਿ ਹੁਣ ਜਾਂਚ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਸੌਂਪ ਦਿੱਤੀ ਗਈ ਹੈ। ਗੈਂਗਸਟਰਾਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ 'ਤੇ ਗਠਨ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਹਾਈਕੋਰਟ 'ਚ ਕੀਤਾ ਜਵਾਬ ਦਾਖ਼ਲ, 7 ਜੂਨ ਤੋਂ 424 ਵੀਆਈਪੀ ਨੂੰ ਮੁੜ ਮਿਲੇਗੀ ਸੁਰੱਖਿਆ