ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਦੇ ਮਾਮਲਿਆਂ 'ਚ ਤੇਜ਼ੀ ਨਾਲ ਮੁਕੱਦਮਾ ਚਲਾਉਣ ਲਈ ਫ਼ਾਸਟ-ਟ੍ਰੈਕ ਵਿਧੀ ਵਿਧਾਨ ਤਿਆਰ ਕਰਨ ਲਈ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਅਪੀਲ ਕੀਤੀ ਹੈ।
ਇਸ ਸਬੰਧ ਵਿਚ ਮੁੱਖ ਮੰਤਰੀ ਨੇ ਚੀਫ਼ ਜਸਟਿਸ ਨੂੰ ਇੱਕ ਪੱਤਰ ਲਿਖਿਆ ਹੈ। ਸੰਗਰੂਰ ਪੁਲਿਸ ਵੱਲੋਂ ਧੂਰੀ ਵਿਖੇ ਨਬਾਲਗ ਨਾਲ ਬਲਤਾਕਾਰ ਕਰਨ ਦੇ ਕੇਸ ਵਿਚ 7 ਦਿਨਾਂ 'ਚ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਚੀਫ਼ ਜਸਟਿਸ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਇਨ੍ਹਾਂ ਕੇਸਾਂ 'ਚ ਤੇਜ਼ੀ ਨਾਲ ਮੁਕੱਦਮਾ ਚਲਾਇਆ ਜਾਣਾ ਜ਼ਰੂਰੀ ਹੈ ਤਾਂ ਜੋ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਨਿਆਂ ਦੇ ਹੇਠ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਅਜਿਹੇ ਕੇਸਾਂ ਦੀ ਤੇਜ਼ੀ ਨਾਲ ਸੁਣਵਾਈ ਨੂੰ ਮੁਕੰਮਲ ਕਰਵਾਉਣ ਲਈ ਆਪਣੇ ਅਧਿਕਾਰ ਖੇਤਰ ਹੇਠਲੀਆਂ ਸਬੰਧਿਤ ਅਦਾਲਤਾਂ ਨੂੰ ਵੀ ਸਲਾਹ ਦੇਣ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਪੱਤਰ ਵਿੱਚ ਲਿਖਿਆ ਕਿ ਇਨ੍ਹਾਂ ਕੇਸਾਂ 'ਚ ਤੇਜ਼ੀ ਨਾਲ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਕਿ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਨਿਆਂ ਦੇ ਹੇਠ ਲਿਆਉਣ ਲਈ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪੀੜਤਾਂ ਨੂੰ ਨਿਆਂ 'ਚ ਦੇਰੀ ਹੋਣ ਕਰਕੇ ਆਮ ਲੋਕਾਂ ਨੂੰ ਠੇਸ ਪਹੁੰਚਦੀ ਹੈ।