ਚੰਡੀਗੜ੍ਹ: ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਸੰਸਦ 'ਚ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਬਿਆਨ ਦਿੱਤਾ। ਕੇਂਦਰੀ ਖੇਤੀਬਾੜੀ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਨਵੇਂ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਿਆ। ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਸੰਸਦ 'ਚ ਕਿਹਾ, "ਪੰਜਾਬ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਉਨ੍ਹਾਂ ਕੇਂਦਰ ਸਰਕਾਰ ਦਾ ਪੱਖ ਪੂਰਦੇ ਹੋਏ ਕਿਹਾ ਕਿ ਜਦੋਂ ਕੇਂਦਰੀ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ 'ਚ ਹਨ ਤਾਂ ਕਿਸਾਨ ਅੰਦੋਲਨ ਕਿਉਂ ਕਰ ਰਹੇ ਹਨ ? "
ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, "ਕੇਂਦਰੀ ਮੰਤਰੀ ਦੀ ਗੱਲ ਸੱਚ ਹੈ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨ ਕਿਸਾਨ ਪੱਖੀ ਨਹੀਂ ਹਨ, ਪਰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨ ਵੀ ਸਹੀ ਨਹੀਂ ਹਨ। ਕੇਂਦਰੀ ਖੇਤੀ ਕਾਨੂੰਨਾਂ ਨੂੰ ਲਿਆ ਕੇ ਕੇਂਦਰ ਸਰਕਾਰ ਮਹਿਜ਼ ਕਾਰਪੋਰੇਟ ਘਰਾਣੇ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲਗਾਤਾਰ ਦੇਸ਼ ਦੀ ਸਰਕਾਰੀ ਕੰਪਨੀਆਂ ਨੂੰ ਵੇਚ ਰਹੀ ਹੈ ਤੇ ਲਗਾਤਾਰ ਕਾਰਪੋਰੇਟ ਘਰਾਣਿਆ ਲਈ ਕੰਮ ਕਰ ਰਹੀ ਹੈ।''
ਸੰਧਵਾਂ ਨੇ ਕਿਹਾ ਕਿ ਕਾਂਗਰਸ ਤੇ ਭਾਜਪਾ ਦੋਵੇਂ ਹੀ ਪਾਰਟੀਆਂ ਕਿਸਾਨਾਂ ਦੇ ਲਈ ਐਮਐਸਪੀ ਤੇ ਹੱਕਾਂ ਦੀਆਂ ਗੱਲਾਂ ਤਾਂ ਕਰਦਿਆਂ ਹਨ, ਪਰ ਅਸਲ 'ਚ ਕੁੱਝ ਵੀ ਨਹੀਂ ਕਰਦੀਆਂ। ਕਿਸਾਨਾਂ ਲਈ ਕੰਮ ਕਰਨ ਦੀ ਬਜਾਏ ਕਾਂਗਰਸ ਤੇ ਭਾਜਪਾ ਨੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ।