ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਕਈ ਲੀਡਰਾਂ 'ਚ ਆਪਸੀ ਦੂਰੀਆਂ ਲਗਾਤਾਰ ਦੇਖਣ ਨੂੰ ਮਿਲ ਰਹੀਆਂ ਹਨ। ਇਸ ਵਿਚਾਲੇ ਕਾਂਗਰਸ ਹਾਈਕਮਾਨ ਵਲੋਂ ਆਪਣੀ ਪਾਰਟੀ ਦੇ ਵਿਸਥਾਰ ਲਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਦੇ ਚੱਲਦਿਆਂ ਕਾਂਗਰਸ ਨੇ ਆਪਣੀ ਪੰਜਾਬ ਇਕਾਈ ਲਈ ਸ਼ੁੱਕਰਵਾਰ ਨੂੰ ਕਈ ਸੀਨੀਅਰ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ। ਜਿਨ੍ਹਾਂ ’ਚ 5 ਉੱਪ ਪ੍ਰਧਾਨਾਂ ਦੇ ਨਾਮ ਸ਼ਾਮਲ ਹਨ। ਇਸ ਸਬੰਧੀ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੁਗੋਪਾਲ ਵੱਲੋਂ ਜਾਰੀ ਬਿਆਨ ਅਨੁਸਾਰ ਸਾਬਕਾ ਮੰਤਰੀ ਅਰੁਣਾ ਚੌਧਰੀ ਅਤੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਉੱਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਇੰਦਰਬੀਰ ਸਿੰਘ ਬੁਲਾਰੀਆ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਸੁੰਦਰ ਸ਼ਾਮ ਅਰੋੜਾ ਨੂੰ ਵੀ ਉੱਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਅਮਿਤ ਵਿੱਜ ਨੂੰ ਖਜ਼ਾਨਚੀ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਵਲੋਂ ਕੁਝ ਦਿਨ ਪਹਿਲਾਂ ਹੀ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਪ੍ਰਦੇਸ਼ ਕਮੇਟੀ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਸੀ ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਵਿਧਾਇਕ ਦਲ ਦਾ ਆਗੂ ਨਿਯੁਕਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਮੁਖੀ ਬਣਾਇਆ ਗਿਆ ਹੈ।
ਦੱਸ ਦਈਏ ਕਿ ਕੈਪਟਨ ਸੰਦੀਪ ਸੰਧੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਨ। ਇਸ ਦੇ ਨਾਲ ਹੀ ਕੈਪਟਨ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਸੰਦੀਪ ਸੰਧੂ ਉਨ੍ਹਾਂ ਦੇ ਸਲਾਹਕਾਰ ਵੀ ਰਹੇ ਹਨ। ਇਸ ਦੇ ਵਿਚਾਲੇ ਹੁਣ ਕਾਂਗਰਸ ਹਾਈਕਮਾਨ ਵਲੋਂ ਕੈਪਟਨ ਸੰਦੀਪ ਸੰਧੂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ: ਬਾਰਡਰ 'ਤੇ BSF ਹੱਥ ਲੱਗੀ ਸਫਲਤਾ, ਫੜਿਆ ਪਾਕਿਸਤਾਨੀ ਡਰੋਨ