ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦਾ ਐਲਾਨ ਹੋ ਚੁੱਕਾ ਹੈ। ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਪੰਜਾਬ ਦੇ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਦੇ ਨਾਂ ਨੂੰ ਕਾਂਗਰਸ ਹਾਈ ਕਮਾਨ ਵਲੋਂ ਹਰੀ ਝੰਡੀ ਦੇ ਦਿੱਤੀ ਹੈ। ਤੁਹਾਨੂੰ ਦੱਸ ਦਈਏ ਕਿ ਕਾਂਗਰਸ ਪਾਰਟੀ ਵਲੋਂ ਦਲਿਤ ਕਾਰਡ ਖੇਡਿਆ ਗਿਆ ਹੈ। ਪਹਿਲਾਂ ਇਹ ਚਰਚਾਵਾਂ ਸਨ ਕਿ ਪੰਜਾਬ ਦਾ ਮੁੱਖ ਮੰਤਰੀ ਸਿੱਖ ਚਿਹਰਾ ਹੀ ਹੋਵੇਗਾ।
ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਨਾਂ 'ਤੇ ਅੰਤਿਮ ਫੈਸਲਾ ਆਉਣ ਤੋਂ ਬਾਅਦ ਨਵਜੋਤ ਸਿੱਧੂ ਬਹੁਤ ਹੀ ਖੁਸ਼ ਹਨ। ਦਰਅਸਲ 2022 ਦੀਆਂ ਚੋਣਾਂ ਵਿਚ ਸੁਖਜਿੰਦਰ ਸਿੰਘ ਰੰਧਾਵਾ ਨੂੰ ਨਵਜੋਤ ਸਿੱਧੂ ਚੁਣੌਤੀ ਦੇ ਤੌਰ 'ਤੇ ਮਹਿਸੂਸ ਕਰ ਰਹੇ ਸਨ ਕਿਉਂਕਿ ਸੁਖਜਿੰਦਰ ਸਿੰਘ ਰੰਧਾਵਾ ਇਕ ਤਜ਼ਰਬੇਕਾਰ ਸਿਆਸਤਦਾਨ ਹਨ। ਅਜਿਹੇ ਵਿਚ ਨਵਜੋਤ ਸਿੰਘ ਸਿੱਧੂ ਲਈ ਉਹ ਚੁਣੌਤੀ ਵਜੋਂ ਵੀ 2022 ਵਿਚ ਖੜ੍ਹੇ ਹੋ ਸਕਦੇ ਸਨ। ਸੂਤਰਾਂ ਦੇ ਹਵਾਲੇ ਤੋਂ ਅਜਿਹੀਆਂ ਵੀ ਖਬਰਾਂ ਹਨ ਕਿ ਚਰਨਜੀਤ ਸਿੰਘ ਚੰਨੀ ਦੇ ਨਾਲ ਨਵਜੋਤ ਸਿੰਘ ਸਿੱਧੂ ਦਾ ਕੋਈ ਅੰਦਰੂਨੀ ਸਮਝੌਤਾ ਵੀ ਹੋਇਆ ਹੈ। ਦਰਅਸਲ ਜਿਵੇਂ ਹੀ ਸੁਖਜਿੰਦਰ ਸਿੰਘ ਰੰਧਾਵਾ ਦੇ ਸੀ.ਐੱਮ. ਬਨਣ ਦੀ ਰਾਹ ਸੌਖੀ ਨਜ਼ਰ ਆ ਰਹੀ ਸੀ। ਉਸ ਤੋਂ ਬਾਅਦ ਹੀ ਨਵਜੋਤ ਸਿੰਘ ਸਿੱਧੂ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਹਾਈ ਕਮਾਨ ਨਾਲ ਸੰਪਰਕ ਸਾਧਣ ਲੱਗੇ ਅਤੇ ਉਹ ਲਗਾਤਾਰ ਹਾਈ ਕਮਾਨ 'ਤੇ ਰੰਧਾਵਾ ਨੂੰ ਮੁੱਖ ਮੰਤਰੀ ਨਾ ਬਣਾਉਣ ਅਤੇ ਚਰਣਜੀਤ ਸਿੰਘ ਚੰਨੀ ਦਾ ਨਾਂ ਅੱਗੇ ਕਰ ਕੇ ਉਨ੍ਹਾਂ ਨੂੰ ਸੀ.ਐੱਮ. ਬਣਾਉਣ ਲਈ ਦਬਾਅ ਬਣਾ ਰਹੇ ਸਨ।
ਤੁਹਾਨੂੰ ਦੱਸ ਦਈਏ ਕਿ ਸ਼ਨੀਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ, ਜਿਸ ਪਿੱਛੋਂ ਆਬਜ਼ਰਵਰ ਅਜੇ ਮਾਕਨ, ਹਰੀਸ਼ ਚੌਧਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਪੰਜਾਬ ਵਿਚ ਵਿਧਾਇਕਾਂ ਨਾਲ ਵਾਰੋ-ਵਾਰੀ ਮੀਟਿੰਗਾਂ ਕੀਤੀਆਂ ਗਈਆਂ। ਕਈ ਨਾਵਾਂ 'ਤੇ ਲੰਬੀ ਵਿਚਾਰ-ਚਰਚਾ ਹੋਈ। ਦੂਜੇ ਪਾਸੇ ਦਿੱਲੀ ਹਾਈ ਕਮਾਨ ਸੋਨੀਆ ਗਾਂਧੀ ਵਲੋਂ ਵੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਿੱਖ ਚਿਹਰਾ, ਦਲਿਤ ਚਿਹਰਾ ਅਤੇ ਹਿੰਦੂ ਚਿਹਰੇ 'ਤੇ ਚਰਚਾ ਵੀ ਕੀਤੀ ਗਈ ਸੀ।
ਇਹ ਵੀ ਪੜ੍ਹੋ-ਅੰਬਿਕਾ ਸੋਨੀ ਨੇ ਦੱਸਿਆ ਕੌਣ ਹੋਵੇਗਾ ਨਵਾਂ ਮੁੱਖ ਮੰਤਰੀ !