ਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਕਾਂਗਰਸ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਦਾ ਵਿਰੋਧ ਕਰ ਰਹੀ ਹੈ। ਇਸੇ ਵਿਰੋਧ ਦੇ ਚੱਲਦੇ ਕਾਂਗਰਸੀ ਵਰਕਰ ਗਵਰਨਰ ਹਾਊਸ ਪਹੁੰਚੇ ਜਿੱਥੇ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਰੋਕ ਲਿਆ। ਮਾਮਲਾ ਜਿਆਦਾ ਭਖਦਾ ਦੇਖਦੇ ਹੋਏ ਪੁਲਿਸ ਨੇ ਕਾਂਗਰਸੀ ਆਗੂਆਂ ਨੂੰ ਹਿਰਾਸਤ ਚ ਲੈ ਲਿਆ।
ਦੱਸ ਦਈਏ ਕਿ ਰਾਹੁਲ ਗਾਂਧੀ ਦੇ ਸਮਰਥਨ ਚ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਕਈ ਆਗੂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਚ ਸੈਕਟਰ 15 ਪਾਰਟੀ ਦਫਤਰ ਵਿਖੇ ਪਹੁੰਚੇ। ਜਿੱਥੋ ਉਨ੍ਹਾਂ ਵੱਲੋਂ ਰਾਜਭਵਨ ਦੇ ਘਿਰਾਓ ਦੇ ਲਈ ਨਿਕਲੇ। ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਵੱਡੀ ਗਿਣਤੀ ’ਚ ਪੁਲਿਸ ਬਲ ਤੈਨਾਤ ਕੀਤੀ ਗਈ।
ਦੱਸ ਦਈਏ ਕਿ ਰਾਜ ਭਵਨ ਦਾ ਘਿਰਾਓ ਕਰਨ ਜਾ ਕਾਂਗਰਸੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਦੌਰਾਨ ਪੁਲਿਸ ਨੇ ਪਾਣੀ ਦੀਆਂ ਬੋਛਾੜਾਂ ਮਾਰੀਆਂ। ਜਿਸ ਤੋਂ ਬਾਅਦ ਪੁਲਿਸ ਨੇ ਸਾਰੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੀਆਂ ਮੰਨ ਮਾਨੀਆਂ ਨੂੰ ਬਰਦਾਸ਼ਤ ਨਹੀਂ ਕਰਨਗੇ। ਕੇਂਦਰ ਦੀ ਮੋਦੀ ਸਰਕਾਰ ਸਿਰਫ ਰਾਜਨੀਤੀਕ ਬਦਲਾਖੋਰੀ ਦੇ ਚੱਲਦੇ ਇਹ ਕਾਰਵਾਈ ਕਰ ਰਹੀ ਹੈ। ਜਿਸ ਨੂੰ ਉਨ੍ਹਾਂ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਨੈਸ਼ਨਲ ਹੈਰਾਲਡ ਮਾਮਲਾ ਕਦੋਂ ਸੁਰਖੀਆਂ ਵਿੱਚ ਆਇਆ : ਨੈਸ਼ਨਲ ਹੈਰਾਲਡ ਮਾਮਲਾ 2012 ਵਿੱਚ ਸੁਰਖੀਆਂ ਵਿੱਚ ਆਇਆ ਸੀ। ਉਦੋਂ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਹੇਠਲੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਕੁਝ ਕਾਂਗਰਸੀ ਆਗੂਆਂ ਨੇ ਯੰਗ ਇੰਡੀਅਨ ਲਿਮਟਿਡ (ਵਾਈਆਈਐਲ) ਰਾਹੀਂ ਐਸੋਸੀਏਟਿਡ ਜਰਨਲਜ਼ ਲਿਮਟਿਡ ਨੂੰ ਗਲਤ ਤਰੀਕੇ ਨਾਲ ਹਾਸਲ ਕੀਤਾ ਹੈ। ਸਵਾਮੀ ਨੇ ਦੋਸ਼ ਲਾਇਆ ਸੀ ਕਿ ਇਹ ਸਭ ਕੁਝ ਦਿੱਲੀ ਦੇ ਬਹਾਦੁਰ ਸ਼ਾਹ ਜ਼ਫਰ ਮਾਰਗ 'ਤੇ ਸਥਿਤ ਹੇਰਾਲਡ ਹਾਊਸ ਦੀ 2000 ਕਰੋੜ ਰੁਪਏ ਦੀ ਇਮਾਰਤ 'ਤੇ ਕਬਜ਼ਾ ਕਰਨ ਲਈ ਕੀਤਾ ਗਿਆ ਸੀ। ਸਾਜ਼ਿਸ਼ ਤਹਿਤ ਯੰਗ ਇੰਡੀਅਨ ਲਿਮਟਿਡ ਨੂੰ ਟੀਜੇਐਲ ਦੀ ਜਾਇਦਾਦ ਦਾ ਅਧਿਕਾਰ ਦਿੱਤਾ ਗਿਆ ਹੈ।
ਰਾਹੁਲ ਅਤੇ ਸੋਨੀਆ 2015 ਤੋਂ ਜ਼ਮਾਨਤ 'ਤੇ ਬਾਹਰ : 2015 ਵਿੱਚ, ਸੁਪਰੀਮ ਕੋਰਟ ਨੇ ਭਾਜਪਾ ਨੇਤਾ ਸੁਬਰਾਮਣੀਅਮ ਸਵਾਮੀ ਨੂੰ ਮਾਮਲੇ ਦੀ ਛੇਤੀ ਸੁਣਵਾਈ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਲਈ ਕਿਹਾ ਸੀ। 19 ਦਸੰਬਰ 2015 ਨੂੰ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਹੇਠਲੀ ਅਦਾਲਤ ਨੇ ਜ਼ਮਾਨਤ ਦਿੱਤੀ ਸੀ। 2016 ਵਿੱਚ, ਸੁਪਰੀਮ ਕੋਰਟ ਨੇ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਸਾਰੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਮੋਤੀਲਾਲ ਵੋਰਾ, ਆਸਕਰ ਫਰਨਾਂਡੀਜ਼ ਅਤੇ ਸੁਮਨ ਦੂਬੇ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਤੋਂ ਛੋਟ ਦਿੱਤੀ।
ਇਹ ਵੀ ਪੜੋ: ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਲਗਾਤਾਰ ਪੁੱਛਗਿੱਛ ਜਾਰੀ, ਖੋਲ੍ਹੇ ਕਈ ਰਾਜ !