ਚੰਡੀਗੜ੍ਹ: ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦੋਂ ਕਿ 5 ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਇਸ ਸਬੰਧੀ ਜਦੋਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਾਇਰਸ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਸਾਰੇ ਇੰਤਜ਼ਾਮ ਪਹਿਲਾਂ ਹੀ ਕੀਤੇ ਹੋਏ ਹਨ।
ਉਨ੍ਹਾਂ ਪੰਜਾਬ 'ਚ ਰਹਿਣ ਵਾਲੇ ਤੇ ਵਿਦੇਸ਼ਾਂ ਤੋਂ ਆਏ ਸਾਰੇ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰ 'ਚ ਹੀ ਰਹਿਣ ਤੇ ਕਿਸੇ ਵੀ ਦੂਜੇ ਵਿਅਕਤੀ ਦੇ ਸੰਪਰਕ 'ਚ ਨਾ ਆਉਣ। ਉਨ੍ਹਾਂ ਕਿਹਾ ਕਿ ਵਿਦੇਸ਼ ਵਿੱਚੋਂ ਆਏ ਲੋਕ ਡਰ ਜਾਂਦੇ ਹਨ ਤੇ ਆਪਣੀ ਮੈਡੀਕਲ ਜਾਂਚ ਨਹੀਂ ਕਰਵਾਉਂਦੇ। ਉਨ੍ਹਾਂ ਕਿਹਾ ਕਿ ਡਰਨ ਦੀ ਲੋੜ ਨਹੀਂ ਹੈ ਇਹ ਸਭ ਉਨ੍ਹਾਂ ਦੀ ਭਲਾਈ ਲਈ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਹੀ ਕਾਰਨ ਹੈ ਕਿ ਉਨ੍ਹਾਂ ਮੈਰਿਜ ਪੈਲੇਸਾਂ ਨੂੰ ਵੀ ਬੰਦ ਕਰਵਾ ਦਿੱਤਾ ਤੇ ਇਹ ਹੁਕਮ ਜਾਰੀ ਕੀਤੇ ਹਨ ਕਿ ਵਿਆਹ 'ਚ 20 ਤੋਂ ਵੱਧ ਬਰਾਤੀ ਨਾ ਬੁਲਾਏ ਜਾਣ।
ਬਲਬੀਰ ਸਿੱਧੂ ਨੇ ਦੱਸਿਆ ਕਿ ਬੀਤੇ ਦਿਨ ਖ਼ਬਰ ਆਈ ਸੀ ਕਿ ਕੁੱਝ ਲੋਕ ਲਾਪਤਾ ਹੋ ਗਏ ਹਨ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕੁੱਝ ਵੀ ਨਹੀਂ ਹੈ ਇਹ ਸਿਰਫ਼ ਇੱਕ ਅਫ਼ਵਾਹ ਸੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਦਾ ਤਾਲਾਬੰਦੀ 'ਤੇ ਲਿਆ ਗਿਆ ਫ਼ੈਸਲਾ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕ ਘਰੋਂ ਘੱਟ ਨਿਕਲਣਗੇ ਤੇ ਨਾਲ ਹੀ ਲੋਕ ਹੋਰ ਇਸ ਬਾਰੇ ਜਾਣੂ ਹੋਣਗੇ। ਉਨ੍ਹਾਂ ਕਿਹਾ ਕਿ ਇਹ ਹੀ ਇੱਕ ਕਾਰਨ ਹੈ ਕਿ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਨੂੰ ਬੰਦ ਕੀਤਾ ਗਿਆ ਹੈ।