ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਉਨ੍ਹਾਂ ਦੇ ਪਰਿਵਾਰ ’ਤੇ ਦੁਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਸਮਰਥਕਾਂ ’ਚ ਵੀ ਦੁਖ ਪਾਇਆ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਸੀਐੱਮ ਮਾਨ ਨੂੰ ਚਿੱਠੀ ਲਿਖੀ ਗਈ ਸੀ ਜਿਸ ’ਤੇ ਸੀਐੱਮ ਮਾਨ ਨੇ ਡੀਜੀਪੀ ਤੋਂ ਆਪਣੇ ਦਿੱਤੇ ਬਿਆਨ ’ਤੇ ਸਪਸ਼ਟੀਕਰਨ ਮੰਗਿਆ ਸੀ। ਜਿਸ ’ਤੇ ਹੁਣ ਡੀਜੀਪੀ ਵੀਕੇ ਭਵਰਾਂ ਵੱਲੋਂ ਸਪਸ਼ਟੀਕਰਨ ਦਿੱਤਾ ਗਿਆ ਹੈ।
ਡੀਜੀਪੀ ਵੀਕੇ ਭਵਰਾ ਨੇ ਬਿਆਨ ਸਬੰਧੀ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਖਤ ਸ਼ਬਦਾਂ ਚ ਨਿਖੇਧੀ ਕਰਦੇ ਹਨ। ਜਲਦ ਹੀ ਦੋਸ਼ੀਆ ਨੂੰ ਕਾਬੂ ਕਰ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਮੂਸੇਵਾਲਾ ਨੂੰ ਗੈਂਗਸਟਰ ਨਹੀਂ ਕਿਹਾ ਹੈ।
ਡੀਜੀਪੀ ਭਵਰਾ ਨੇ ਕਿਹਾ ਕਿ ਬੀਤੇ ਦਿਨ ਤੋਂ ਸੋਸ਼ਲ ਮੀਡੀਆ ’ਤੇ ਲਗਾਤਾਰ ਅਜਿਹੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਦੀ ਜਿੰਮੇਵਾਰੀ ਲਈ ਹੈ। ਕਤਲ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਨੇ ਉਸਦਾ ਗਲਤ ਹਵਾਲਾ ਦਿੱਤਾ ਹੈ। ਉਨ੍ਹਾਂ ਦੇ ਮਨ ਚ ਸਿੱਧੂ ਮੂਸੇਵਾਲਾ ਦਾ ਬਹੁਤ ਹੀ ਸਤਿਕਾਰ ਹੈ।
ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੀਐੱਮ ਮਾਨ ਨੂੰ ਕੁਝ ਸਮਾਂ ਪਹਿਲਾਂ ਹੀ ਚਿੱਠੀ ਲਿਖੀ ਸੀ ਜਿਸ ਚ ਉਨ੍ਹਾਂ ਨੇ ਇਨਸਾਫ ਦੀ ਗੁਹਾਰ ਲਗਾਈ ਗਈ ਸੀ। ਨਾਲ ਹੀ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਮਾਮਲੇ ਦੀ ਜਾਂਚ ਨੂੰ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਅਧਿਕਾਰੀਆਂ ਤੋਂ ਜਵਾਬ ਦੀ ਮੰਗ ਕੀਤੀ ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਅਤੇ ਸੁਰੱਖਿਆ ਵਾਪਸ ਲੈਣ ਦੇ ਆਦੇਸ਼ਾਂ ਨੂੰ ਜਨਤਕ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਨੂੰ ਗੈਂਗਵਾਰ ਦਾ ਨਾਲ ਜੋੜਿਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੇ ਡੀਜੀਪੀ ਪੰਜਾਬ ਕੋਲੋਂ ਜਨਤਕ ਤੌਰ ’ਤੇ ਮੁਆਫੀ ਮੰਗਣ ਦੀ ਗੱਲ ਆਖੀ। ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿੱਠੀ ਤੋਂ ਬਾਅਦ ਸੀਐੱਮ ਮਾਨ ਵੱਲੋਂ ਡੀਜੀਪੀ ਵੀਕੇ ਭਵਰਾ ਕੋਲੋਂ ਸਪਸ਼ਟੀਕਰਨ ਮੰਗਿਆ ਗਿਆ ਸੀ।
ਇਹ ਵੀ ਪੜੋ: ਸਿੱਧੂ ਕਤਲਕਾਂਡ : 7 ਸ਼ੱਕੀਆਂ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ