ਚੰਡੀਗੜ੍ਹ: ਸੂਬੇ ਦੇ ਮੈਡੀਕਲ ਕੋਰਸਾਂ ਦੀਆਂ ਫੀਸਾਂ ਵਿੱਚ ਕੀਤੇ ਵਾਧੇ ਨੂੰ ਲਗਾਤਾਰ ਵਿਰੋਧੀ ਪੰਜਾਬ ਸਰਕਾਰ 'ਤੇ ਹਮਲਾ ਬੋਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਵੀ ਸੂਬਾ ਸਰਕਾਰ ਦੇ ਇਸ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ।
ਵੀਰਵਾਰ ਨੂੰ ਚੰਡੀਗੜ੍ਹ ਵਿਖੇ ਅਕਾਲੀ ਦਲ ਤੇ ਭਾਜਪਾ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਬੈਠਕ ਵਿੱਚ ਦੋਹਾਂ ਪਾਰਟੀਆਂ ਨੇ ਇਸ ਫ਼ੈਸਲੇ ਦੀ ਨਿੰਦਾ ਕੀਤੀ ਹੈ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਐਮਬੀਬੀਐਸ ਕੋਰਸਾਂ ਦੀਆਂ ਫ਼ੀਸਾਂ ਵਿੱਚ ਕੀਤਾ ਗਿਆ 70 ਤੋਂ 80 ਫ਼ੀਸਦੀ ਵਾਧਾ ਤੁਰੰਤ ਵਾਪਸ ਲਵੇ ਤੇ ਕਿਹਾ ਕਿ ਮਹਾਂਮਾਰੀ ਦੇ ਦੌਰ ਵਿੱਚ ਮੈਡੀਕਲ ਵਿਦਿਆਰਥੀਆਂ ਦੇ ਮਾਪਿਆਂ ਸਿਰ ਬੋਝ ਨਾ ਪਾਇਆ ਜਾਵੇ।
ਇਸ ਤੋਂ ਇਲਾਵਾ ਚੀਮਾ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਕੋਈ ਸੁਪਨਾ ਵੀ ਨਹੀਂ ਲੈ ਸਕਦਾ ਕਿ ਇੱਕ ਸਾਧਾਰਨ ਪਰਿਵਾਰ ਦਾ ਬੱਚਾ ਡਾਕਟਰ ਬਣ ਸਕਦਾ ਹੈ।