ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮੋਬਾਈਲ ਟਾਵਰਾਂ ਦੀ ਭੰਨਤੋੜ ਅਤੇ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਪੁਲਿਸ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਸਰਕਾਰੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕਰਨਗੇ। ਸੂਬੇ ਵਿੱਚ ਕੁੱਲ 1561 ਮੋਬਾਈਲ ਟਾਵਰ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਵਿੱਚੋਂ 25 ਟਾਵਰਾਂ ਦੀ ਭੰਨਤੋੜ ਹੋਈ ਹੈ।
ਕਾਂਗਰਸ ਦੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾਲ ਸੂਬੇ ਵਿੱਚ ਸੰਚਾਰ ਬਲੈਕਆਊਟ ਹੋ ਸਕਦਾ ਹੈ ਅਤੇ ਇਸ ਨਾਲ ਖਾਸ ਕਰਕੇ ਵਿਦਿਆਰਥੀਆਂ ਅਤੇ ਕੰਮ ਕਰਦੇ ਪੇਸ਼ੇਵਰ ਵਿਅਕਤੀਆਂ ਨੂੰ ਗੰਭੀਰ ਨੁਕਸਾਨ ਹੋ ਰਿਹਾ ਹੈ।
ਉੱਥੇ ਹੀ ਇਸ ਮੁੱਦੇ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਕਿਹਾ ਕਿ ਪ੍ਰਾਪਰਟੀ ਕਿਸੇ ਦੀ ਵੀ ਹੋਵੇ ਨੁਕਸਾਨ ਨਹੀਂ ਕਰਨਾ ਚਾਹੀਦਾ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਈ ਵਾਰ ਜਦੋਂ ਅੰਦੋਲਨ ਚੱਲਦੇ ਹਨ ਤਾਂ ਲੋਕ ਗੁੱਸੇ ਵਿੱਚ ਆ ਜਾਂਦੇ ਹਨ।