ਚੰਡੀਗੜ੍ਹ : ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਵਿਖੇ ਕੁਝ ਵਿਅਕਤੀਆਂ ਵੱਲੋਂ ਦਲਿਤ ਨੌਜਵਾਨ ਦੀ ਕੁੱਟ-ਮਾਰ ਮਗਰੋਂ ਹੋਈ ਮੌਤ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸ਼ਾਮ ਪੀ ਜੀ ਆਈ ਚੰਡੀਗੜ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੀ ਤਰਫੋਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਟਨਾ 'ਤੇ ਡੂੰਘਾ ਦੁੱਖ ਜਾਹਰ ਕਰਦਿਆਂ ਉਚ ਅਧਿਕਾਰੀਆਂ ਨੂੰ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਧਰਮਸੋਤ ਨੇ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ ਹਰ ਸੰਭਵ ਮਦਦ ਦੇਣ ਦਾ ਵਿਸਵਾਸ਼ ਦਿਵਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਐਸ.ਸੀ/ਐਸ.ਟੀ ਐਕਟ ਤਹਿਤ ਪੀੜਤ ਪਰਿਵਾਰ ਨੂੰ 8.15 ਲੱਖ ਰੁਪਏ ਦੀ ਰਾਸ਼ੀ ਮੁਆਵਜੇ ਵਜੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇੱਕ ਪਰਿਵਾਰਕ ਮੈਂਬਰ ਨੂੰ 5 ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਪ੍ਰਦਾਨ ਕੀਤੀ ਜਾਵੇਗੀ।
ਧਰਮਸੋਤ ਨੇ ਆਖਿਆ ਕਿ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਲਈ ਜਲਦੀ ਹੀ ਢੁਕਵੇਂ ਕਦਮ ਚੁੱਕੇ ਜਾਣਗੇ। ਕੈਬਿਨੇਟ ਮੰਤਰੀ ਨੇ ਕਿਹਾ ਕਿ ਇਸ ਬੇਹੱਦ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ ਦੇ ਐਸ.ਡੀ.ਐਮ. ਤੋਂ ਇਲਾਵਾ ਹੋਰ ਉੱਚ ਅਧਿਕਾਰੀ ਹਾਜ਼ਰ ਸਨ ।