ਮੁਹਾਲੀ: ਪੰਜਾਬ ਦੇ ਮੁਹਾਲੀ ਵਿੱਚ ਰਹਿਣ ਵਾਲੇ ਇਨਕਲਾਬੀ ਮਰਹੂਮ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਅਭੈ ਲਗਾਤਾਰ ਸਿੰਘੂ ਸਰਹੱਦ 'ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਵਿਚ ਸ਼ਾਮਲ ਸੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸ਼ਾਮ ਕੋਵਿਡ ਕਾਰਨ ਚੱਲ ਵਸੇ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਭੈ ਸਿੰਘ ਸੰਧੂ ਵਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦਾ ਨੌਜਵਾਨ ਪੀੜ੍ਹੀਆਂ ਵਿੱਚ ਪਸਾਰ ਕਰਨ ਲਈ ਪਾਏ ਮਿਸਾਲੀ ਯੋਗਦਾਨ ਨੂੰ ਚੇਤੇ ਕੀਤਾ। ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਉਹਨਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਅਭੈ ਸੰਧੂ ਭਗਤ ਸਿੰਘ ਦੇ ਛੋਟੇ ਭਰਾ ਸਰਦਾਰ ਕੁਲਬੀਰ ਸਿੰਘ ਦਾ ਬੇਟਾ ਹੈ। ਅਭੈ ਨੇ ਵੀ ਆਪਣੇ ਪਿਤਾ ਦੀ ਤਰ੍ਹਾਂ ਨੈਸ਼ਨਲ ਆਰਕਾਈਵਜ਼ ਵਿੱਚ ਰੱਖੀਆਂ ਫਾਈਲਾਂ ਨੂੰ ਜਨਤਕ ਕਰਨ ਦੀ ਮੰਗ ਕੀਤੀ ਸੀ। ਪਰ ਉਨ੍ਹਾਂ ਹੱਥ ਹਮੇਸ਼ਾ ਨਿਰਾਸ਼ਾ ਲੱਗੀ। ਸ਼ਹੀਦ ਭਗਤ ਸਿੰਘ ਨਾਲ ਸਬੰਧਤ ਫਾਈਲਾਂ ਗੁਪਤ ਰੱਖੀਆਂ ਗਈਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਸਦੇ ਪਰਿਵਾਰ ਦੀ ਸੁਰੱਖਿਆ ਏਜੰਸੀਆਂ ਦੁਆਰਾ ਕੀਤੀ ਜਾਂਦੀ ਹੈ।