ਚੰਡੀਗੜ੍ਹ/ਦਿੱਲੀ: ਰਾਜ ਸਭਾ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕਿਹਾ ਹੈ ਕਿ ਜਿਸ ਦਿਨ ਬਰੋਦਾ ਉਪ ਚੋਣਾਂ ਵਿੱਚ ਭਾਜਪਾ-ਜੇਜੇਪੀ ਵਾਲੀ ਸਰਕਾਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਉਸ ਤੋਂ ਅਗਲੇ ਦਿਨ ਹੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਦਿੱਲੀ ਵਿੱਚ ਕੇਂਦਰ ਸਰਕਾਰ ਕੋਲ ਆਉਣਾ ਚਾਹੀਦਾ ਸੀ ਅਤੇ ਇਹ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਨੀ ਚਾਹੀਦੀ ਸੀ।
ਦੀਪੇਂਦਰ ਹੁੱਡਾ ਨੇ ਕਿਹਾ ਕਿ ਜੇਕਰ ਭਾਜਪਾ ਨਹੀਂ ਚਾਹੁੰਦੀ ਕਿ ਖੇਤੀ ਕਾਨੂੰਨ ਵਾਪਸ ਲਏ ਜਾਣ ਤਾਂ ਜੇਜੇਪੀ ਨੂੰ ਨੈਤਿਕਤਾ ਦੇ ਆਧਾਰ 'ਤੇ ਸਮਰੱਥਨ ਵਾਪਸ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਚੰਡੀਗੜ੍ਹ ਵਿੱਚ ਬੈਠੇ ਦੋਵੇਂ ਮੰਤਰੀਆਂ ਨੂੰ ਆਪਣੀ ਕੁਰਸੀ ਦਾ ਜ਼ਿਆਦਾ ਫ਼ਿਕਰ ਹੈ ਬਜਾਏ ਇਸ ਦੇਸ਼ ਦੇ ਕਿਸਾਨਾਂ ਦੇ।
ਦੀਪੇਂਦਰ ਨੇ ਕਿਸਾਨਾਂ ਦੇ ਦਿੱਲੀ ਕੂਚ 'ਤੇ ਕਿਹਾ ਕਿ ਦੇਸ਼ ਵਿੱਚ ਅਜਿਹੀ ਕੋਈ ਜੇਲ੍ਹ ਨਹੀਂ ਬਣੀ ਹੈ ਜਿਹੜੀ ਕਿਸਾਨਾਂ ਨੂੰ ਕੈਦ ਕਰ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਕਣ ਜਾਂ ਉਨ੍ਹਾਂ 'ਤੇ ਜ਼ੋਰ-ਅਜ਼ਮਾਈ ਕਰਨ ਦੀ ਥਾਂ ਉਨ੍ਹਾਂ ਨਾਲ ਸਰਕਾਰ ਗੱਲ ਕਰੇ।
ਦੀਪੇਂਦਰ ਹੁੱਡਾ ਨੇ ਕਿਹਾ ਕਿ ਕਿਸਾਨ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਲੋਕਤੰਤਰਿਕ ਅਤੇ ਸੰਵਿਧਾਨਕ ਦਾਇਰੇ ਵਿੱਚ ਕੇਂਦਰ ਦੇ ਬੂਹੇ 'ਤੇ ਆਏ ਹਨ, ਇਸ ਲਈ ਸਰਕਾਰ ਨੂੰ ਉਨ੍ਹਾਂ ਨਾਲ ਸ਼ਾਂਤਮਈ ਢੰਗ ਨਾਲ ਗੱਲਬਾਤ ਕਰਨੀ ਚਾਹੀਦੀ ਹੈ।