ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕੀਤੀ। ਪੰਜਾਬ ਵਿੱਚ ਐਕਸਾਈਜ ਪਾਲਿਸੀ ਦੀ ਦਿੱਲੀ ਦੀ ਤਰਜ ’ਤੇ ਸੀਬੀਆਈ ਦੀ ਜਾਂਚ ਅਤੇ ਨਾਜ਼ਾਇਜ ਮਾਈਨਿੰਗ ਦੀ ਐਨਆਈਏ ਤੋਂ ਜਾਂਚ ਦੀ ਮੰਗ ਨੂੰ ਲੈ ਕੇ ਮੁਲਾਕਾਤ ਕੀਤੀ।
ਮੁਲਾਕਾਤ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਾਜਾਇਜ ਮਾਈਨਿੰਗ ਨੂੰ ਲੈ ਕੇ ਉਨ੍ਹਾਂ ਨੇ ਰਾਜਪਾਲ ਦੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਝੂਠੀ ਸਟੇਟਮੇਂਟ ਦੇ ਕੇ ਕਿਹਾ ਗਿਆ ਹੈ ਕਿ ਸੂਬੇ ਵਿੱਚ ਕਿਧਰੇ ਵੀ ਨਾਜਾਇਜ ਮਾਈਨਿੰਗ ਨਹੀਂ ਹੋ ਰਹੀ ਹੈ। ਹਾਈਕੋਰਟ ਨੇ ਵੀ ਮਾਮਲੇ ਨੂੰ ਧਿਆਨ ਵਿੱਚ ਲੈਂਦੇ ਹੋਏ ਦੱਸਿਆ ਕਿ ਸਰਹੱਦੀ ਖੇਤਰ ਵਿੱਚ ਨਾਜਾਇਜ ਮਾਈਨਿੰਗ ਹੋ ਰਹੀ ਹੈ। ਸੁਰੱਖਿਆ ਏਜੰਸੀਆਂ ਨੇ ਵੀ ਇਸ ਨੂੰ ਸਰਹੱਦ ਪਾਰ ਤੋਂ ਦੇਸ਼ ਦੀ ਸੁਰੱਖਿਆ ਨੂੰ ਖਤਰਾ ਦੱਸਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਹਥਿਆਰਾਂ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਡਰੋਨ ਰਾਹੀਂ ਸਰਹੱਦ ਪਾਰੋਂ ਤਸਕਰੀ ਕੀਤੀ ਜਾ ਰਹੀ ਹੈ। ਸਰਹੱਦ ਪਾਰ ਤੋਂ ਇਹ ਕੰਮ ਕੌਣ ਕਰ ਰਿਹਾ ਹੈ ਅਤੇ ਕੌਣ ਨਾਜਾਇਜ਼ ਮਾਈਨਿੰਗ ਕਰ ਰਿਹਾ ਹੈ ਅਤੇ ਨਸ਼ੇ ਦਾ ਕਾਰੋਬਾਰ ਕੌਣ ਕਰ ਰਿਹਾ ਹੈ, ਇਸ ਸਭ ਦੀ ਜਾਂਚ ਹੋਣੀ ਚਾਹੀਦੀ ਹੈ, ਕੀ ਇਸ ਦਾ ਕੋਈ ਸਿਆਸੀ ਸਬੰਧ ਹੈ।ਉਨ੍ਹਾਂ ਇਸ ਸਬੰਧ ਵਿੱਚ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਐਨਆਈਏ ਤੋਂ ਕਰਵਾਈ ਜਾਵੇ।
ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਦੀ ਆਬਕਾਰੀ ਨੀਤੀ ਬਾਰੇ ਰਾਜਪਾਲ ਨਾਲ ਗੱਲ ਕੀਤੀ ਗਈ ਹੈ। ਬਾਜਵਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਵੀ ਉਹੀ ਲੋਕ ਸ਼ਾਮਲ ਹਨ ਜੋ ਦਿੱਲੀ ਵਿੱਚ ਆਬਕਾਰੀ ਨੀਤੀ ਨਾਲ ਜੁੜੇ ਹੋਏ ਸਨ। ਇਹ ਪੰਜਾਬ ਨੂੰ ਧੋਖਾ ਦੇਣ ਅਤੇ ਲੁੱਟਣ ਦੀ ਸਾਜਿਸ਼ ਹੈ। ਉਨ੍ਹਾਂ ਨੇ ਰਾਜਪਾਲ ਨੂੰ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਇੱਥੇ ਵੀ ਜਾਂਚ ਹੋਣੀ ਚਾਹੀਦੀ ਹੈ।
ਤਰਨਤਾਰਨ ਵਿਖੇ ਚਰਚ ਵਿੱਚ ਭੰਨਤੋੜ ਦੇ ਮਾਮਲੇ ਤੇ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਹੜੀਆਂ ਤਾਕਤਾਂ ਹਨ ਜੋ ਸੂਬੇ ਵਿੱਚ ਆਪਸੀ ਭਾਈਚਾਰੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਇਸ ਮਸਲੇ ਉੱਤੇ ਉਹ ਦੋਵੇਂ ਪਾਸੇ ਤੋਂ ਗੱਲ ਕਰਨਗੇ। ਜ਼ਮੀਨੀ ਪੱਧਰ ਉੱਤੇ ਆ ਕੇ ਦੇਖਿਆ ਜਾਵੇਗਾ ਕਿ ਮਾਮਲੇ ਦੇ ਪਿੱਛੇ ਦੀ ਅਸਲ ਸੱਚਾਈ ਕੀ ਹੈ।
ਵੋਟਾਂ ਮੰਗਣ ਤੋਂ ਪਹਿਲਾਂ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਹਾ ਸੀ ਕਿ ਜਦੋਂ ਉਨ੍ਹਾਂ ਦੀ ਸਰਕਾਰ ਆਵੇਗੀ ਤਾਂ ਉਹ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਖੋਲ੍ਹਣਗੇ। ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣਗੇ ਪਰ 6 ਮਹੀਨਿਆਂ 'ਚ ਇਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਹੋਈ। ਦੂਜੇ ਪਾਸੇ ਉਨ੍ਹਾਂ ਨੇ ਐਸਆਈਟੀ ਦੇ ਨੋਟਿਸ ’ਤੇ ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਜਾਣਦਾ ਹੈ ਕਿ ਕਿਸਨੇ ਗੋਲੀਆਂ ਚਲਵਾਈਆਂ ਸੀ।
ਇਹ ਵੀ ਪੜੋ: 14 ਸਾਲਾਂ ਬਾਅਦ ਮੁੜ ਤੋਂ ਖੁਲ੍ਹਿਆ ਲੜਕੀਆਂ ਦਾ ਸਰਕਾਰੀ ਪੋਲੀਟੈਕਨਿਕ ਕਾਲਜ ਰੋਪੜ