ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਪੁਣਛ ਇਲਾਕੇ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ।ਜਿਸ ਵਿੱਚ ਇੱਕ ਅਧਿਕਾਰੀ ਸਮੇਤ ਪੰਜ ਜਵਾਨਾਂ ਦੀ ਜਾਨ ਚਲੀ ਗਈ।
ਭਾਰਤੀ ਆਰਮੀ ਹਰ ਚੁਨੌਤੀ ਦਾ ਮੁਕਾਬਲਾ ਕਰਨ ਦੇ ਸਮਰੱਥ
ਰੰਧਾਵਾ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਗੁਆਂਢੀ ਮੁਲਕ ਉਨ੍ਹਾਂ ਘਟੀਆ ਕਾਰਵਾਈਆ ਦਾ ਖਹਿੜਾ ਨਹੀਂ ਛੱਡ ਰਿਹਾ ਜਿਸਦਾ ਕਿ ਉਹ ਆਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇਸ਼ ਲਈ ਕਿਸੇ ਵੀ ਖ਼ਤਰੇ ਜਾਂ ਚੁਣੌਤੀ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ।
ਸ਼ਹੀਦਾਂ ਦੇ ਪਰਿਵਾਰਾਂ ਨਾਲ ਸਰਕਾਰ ਖੜ੍ਹੀ
ਉਪ ਮੁੱਖ ਮੰਤਰੀ ਨੇ ਸ਼ਹੀਦ ਜਵਾਨਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ।
ਪੁਲਿਸ ਨੂੰ ਚੌਕਸ ਰਹਿਣ ਦੇ ਹੁਕਮ
ਡਿਪਟੀ ਸੀਐਮ ਰੰਧਾਵਾ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਖਾਸ ਕਰਕੇ ਸਰਹੱਦੀ ਖੇਤਰਾਂ ਦੀ ਨਿਗਰਾਨੀ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦੁਸ਼ਮਣ ਬੇਚੈਨ ਹੈ ਅਤੇ ਕਿਸੇ ਵੀ ਘਟੀਆ ਕਾਰਵਾਈ ਦਾ ਸਹਾਰਾ ਲੈ ਸਕਦਾ ਹੈ।ਜਿਸ ਨੂੰ ਹਰ ਹਾਲ ਵਿੱਚ ਠੱਲ੍ਹਣ ਦੀ ਲੋੜ ਹੈ।
ਹਰ ਚੁਨੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਾਂ
ਗ੍ਰਹਿ ਮੰਤਰੀ ਨੇ ਹਰੇਕ ਪੰਜਾਬੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਸੂਬੇ ਅਤੇ ਦੇਸ਼ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਸੀਂ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ।ਰੰਧਾਵਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਸਰਵੋਤਮ ਹੈ ਅਤੇ ਇਸ ਲਈ ਕੋਈ ਵੀ ਕੁਰਬਾਨੀ ਵੱਡੀ ਨਹੀਂ ਹੋਵੇਗੀ।
ਇਹ ਵੀ ਪੜੋ:ਲਾਲ ਡੋਰੇ 'ਚ ਆਉਣ ਵਾਲੇ ਮਕਾਨਾਂ 'ਤੇ ਚੰਨੀ ਵੱਲੋਂ ਵੱਡੀ ਰਾਹਤ