ਚੰਡੀਗੜ੍ਹ: ਬਰਗਾੜੀ ਬੇਅਦਬੀ ਕਾਂਡ ਵਿੱਚ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਵਿੱਚ ਬੰਦ ਮੁਲਜ਼ਮ ਅਤੇ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਜੇਲ੍ਹ ਵਿੱਚ ਹੀ ਕਤਲ ਹੋ ਗਿਆ ਸੀ। ਬਿੱਟੂ ਦੇ ਕਤਲ ਤੋਂ ਬਾਅਦ ਹੁਣ ਉਸ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਵਿੱਚ ਇੱਕ ਪਟੀਸ਼ਨ ਦਾਖ਼ਲ ਕਰਕੇ ਦੋ ਕਰੋੜ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਬਿੱਟੂ ਦੇ ਪਰਿਵਾਰ ਦੇ ਵਕੀਲ ਬਲਤੇਜ ਸਿੰਘ ਸਿੱਧੂ ਨੇ ਈਟੀਵੀ ਭਾਰਤ ਨੂੰ ਦੱਸਿਆ ਕਿ ਬਿੱਟੂ ਦਾ ਕਤਲ ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹ ਨਾਭਾ ਵਿੱਚ ਹੋਇਆ ਹੈ। ਇਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਜੇਲ੍ਹ ਵਿਭਾਗ ਦੀ ਹੈ। ਉਨ੍ਹਾਂ ਕਿਹਾ ਕਿ ਇਸ ਤੱਥ ਨੂੰ ਹੀ ਅਧਾਰ ਬਣਾ ਕੇ ਹਾਈ ਕੋਰਟ ਵਿੱਚ ਮੁਅਵਜ਼ੇ ਦੀ ਮੰਗ ਵਾਲੀ ਪਟੀਸ਼ਨ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦੇ ਕਤਲ ਤੋਂ ਮਗਰੋਂ ਪਰਿਵਾਰ ਕੋਲ ਕੋਈ ਕਮਾਉਣ ਵਾਲਾ ਨਹੀਂ ਬਚਿਆ। ਇਸ ਕਰਕੇ ਬਿੱਟੂ ਦੇ ਪਿਤਾ, ਪਤਨੀ, ਪੁੱਤਰ ਅਤੇ ਧੀ ਵੱਲੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।
ਵਕੀਲ ਨੇ ਦੱਸਿਆ ਕਿ ਇਸ ਮਾਮਲੇ ਨੂੰ ਸੁਣਦੇ ਹੋਏ ਹਾਈ ਕੋਰਟ ਨੇ ਪੰਜਾਬ ਸਕਰਾਰ ਨੂੰ ਇੱਕ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ 4 ਨਵੰਬਰ ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।