ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਚਲਦੇ ਲੌਕਡਾਊਨ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਵੱਧ ਗਈਆਂ ਹਨ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕ ਫ਼ਸੇ ਹੋਏ ਹਨ। ਲੋਕਾਂ ਨੂੰ ਘਰ ਤੱਕ ਪਹੁੰਚਾਉਣ ਲਈ ਸਰਕਾਰ ਵੱਲੋਂ ਕੋਈ ਵੀ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ ਹਨ।
ਕਰਫ਼ਿਊ ਕਰਕੇ ਬੱਸਾਂ ਅਤੇ ਰੇਲ ਗੱਡੀਆਂ ਬੰਦ ਹੋਣ ਕਰਕੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਫਸੇ ਹੋਏ ਹਨ। ਜਿਨ੍ਹਾਂ ਨੂੰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਘਰ-ਘਰ ਕਮੇਟੀ ਦੀਆਂ ਬੱਸਾਂ ਰਾਹੀ ਪਹੁੰਚਾਇਆ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ 8 ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਦਿੱਲੀ, ਗੁਜਰਾਤ, ਉੱਤਰ ਪ੍ਰਦੇਸ਼, ਲੁਧਿਆਣਾ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚਾਇਆ ਗਿਆ ਹੈ। ਐਤਵਾਰ ਨੂੰ ਮੁੜ ਤੋਂ 2 ਬੱਸਾਂ ਵਿੱਚ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਜੰਮੂ ਦੀਆਂ ਸੰਗਤਾਂ ਨੂੰ ਭੇਜਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਕਮੇਟੀ ਵੱਲੋਂ ਪਹਿਲਾਂ ਵਾਂਗ ਹੁਣ ਫਿਰ 2 ਬੱਸਾਂ ਰਾਹੀਂ ਸੰਗਤਾਂ ਨੂੰ ਘਰ ਭੇਜਿਆ ਗਿਆ ਤਾਂ ਜੋ ਇਹ ਲੋਕ ਆਪਣੇ ਘਰ ਰਹਿਣ। ਉਨ੍ਹਾਂ ਕਿਹਾ ਕਿ ਬਿਪਤਾ ਦੀ ਘੜੀ ਵਿੱਚ ਸੰਗਤਾਂ ਦੀ ਸੇਵਾ ਕਰਕੇ ਮਨ ਨੂੰ ਸੁਕੂਨ ਮਿਲਦਾ ਹੈ।