ਚੰਡੀਗੜ੍ਹ: ਕੇਂਦਰ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਰਾਜ ਭਾਸ਼ਾ ਬਿੱਲ ਤਿਆਰ ਕੀਤਾ ਹੈ। ਇਸ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਿਆ ਗਿਆ ਹੈ। ਪੰਜਾਬੀ ਨੂੰ ਬਿੱਲ ਵਿੱਚੋਂ ਬਾਹਰ ਕਰਨ ਦੇ ਕਾਰਨ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਨਾਲ ਹੀ ਪੰਜਾਬ ਵਿੱਚ ਵੀ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵੀ ਭਾਰੀ ਵਿਰੋਧ ਹੋ ਰਿਹਾ ਹੈ। ਇਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਇਹ ਮੁੱਦਾ ਚੁੱਕਿਆ ਹੈ।
ਸੁਖਦੇਵ ਸਿੰਘ ਢੀਂਡਸਾ ਨੇ ਇਸ ਮੁੱਦੇ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੂੰ ਇੱਕ ਨੋਟਿਸ ਦੇ ਕੇ ਇਹ ਮੁੱਦਾ ਚੁੱਕਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਜੰਮੂ ਅਤੇ ਕਸ਼ਮੀਰ ਰਾਜ ਦੀ ਰਾਜ ਭਾਸ਼ਾ ਵਿੱਚ ਪੰਜਾਬੀ ਨੂੰ ਸ਼ਾਮਲ ਕੀਤਾ ਜਾਵੇ। ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਢੀਂਡਸਾ ਇਸ ਮੁੱਦੇ ਨੂੰ ਸੰਸਦ ਵਿੱਚ ਚੁੱਕਣਗੇ।