ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵੱਡਮੁੱਲਾ ਕਦਮ ਚੁੱਕਿਆ ਗਿਆ ਹੈ ਜਿਸ ਤਹਿਤ ਸੂਬੇ ਦੇ ਹਰ ਪਿੰਡ 'ਚ 550 ਬੂਟੇ ਲਾਉਣ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ। ਇਹ ਕਾਰਜ 30 ਸਤੰਬਰ 2019 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਜਾਣਕਾਰੀ ਅਨੁਸਾਰ ਹੁਣ ਤੱਕ 1913 ਪਿੰਡਾਂ 'ਚ 550-550 ਬੂਟੇ ਲਗਾਏ ਜਾ ਚੁੱਕੇ ਹਨ ਜਦਕਿ 4345 ਪਿੰਡਾਂ 'ਚ ਬੂਟੇ ਲਗਾਉਣ ਲਈ ਕੰਮ ਜਾਰੀ ਹੈ।
ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਨਰੇਗਾ ਸਕੀਮ ਤਹਿਤ ਜੰਗਲਾਤ ਵਿਭਾਗ ਵੱਲੋਂ ਬੂਟੇ ਲਾਉਣ ਦਾ ਕੰਮ ਨੇਪਰੇ ਚਾੜਿਆ ਜਾਵੇਗਾ ਜਦਕਿ ਬੂਟਿਆਂ ਦੀ ਸਾਂਭ-ਸੰਭਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਕਰੇਗਾ। ਉਨ੍ਹਾਂ ਦੱਸਿਆ ਕਿ ਬੂਟਿਆਂ ਦੀ ਸੰਭਾਲ 5 ਸਾਲਾਂ ਤੱਕ ਕੀਤੀ ਜਾਵੇਗੀ ਉਨ੍ਹਾਂ ਦੱਸਿਆ ਕਿ 200 ਬੂਟਿਆਂ ਲਈ 2 ਘਰਾਂ ਨੂੰ 'ਵਣ ਮਿੱਤਰ' ਲਾਇਆ ਜਾਵੇਗਾ, ਦੋਵਾਂ ਘਰਾਂ ਨੂੰ ਪ੍ਰਤੀ ਮਹੀਨਾ 1920-1920 ਰੁਪਏ ਬੂਟਿਆਂ ਦੀ ਸਾਂਭ-ਸੰਭਾਲ ਲਈ ਦਿੱਤੇ ਜਾਣਗੇ ਜਿਸ ਲਈ ਸੂਬਾ ਸਰਕਾਰ ਵੱਲੋਂ ਪ੍ਰਤੀ ਸਾਲ 49276 ਰੁਪਏ ਖ਼ਰਚ ਕੀਤੇ ਜਾਣਗੇ।
ਇਸ ਮੁਹਿੰਮ ਦਾ ਉਦੇਸ਼ ਜਿੱਥੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ, ਉੱਥੇ ਹੀ ਲੋਕਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕਰਨਾ ਵੀ ਹੈ। ਜਾਣਕਾਰੀ ਦਿੰਦਿਆਂ ਧਰਮਸੋਤ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 'ਆਈ ਹਰਿਆਲੀ 550 ਮੋਬਾਈਲ ਐਪ' ਲਾਂਚ ਕੀਤੀ ਗਈ ਹੈ ਤਾਂ ਜੋ ਸੂਬੇ ਦੇ ਲੋਕ ਆਪਣੀ ਨੇੜਲੀ ਨਰਸਰੀ ਤੋਂ ਆਨਲਾਈਨ ਮੁਫ਼ਤ ਬੂਟੇ ਪ੍ਰਾਪਤ ਕਰ ਸਕਣ। ਹੁਣ ਤੱਕ ਇਸ ਐਪ ਨੂੰ 96277 ਲੋਕਾਂ ਵੱਲੋਂ ਡਾਊਨਲੋਡ ਕਰਕੇ 30,000 ਤੋਂ ਵੱਧ ਆਡਰ ਬੁੱਕ ਕੀਤੇ ਗਏ ਹਨ, ਜਿਸ ਤਹਿਤ 75885 ਬੂਟੇ ਸਬੰਧਤਾਂ ਨੂੰ ਮੁਹੱਈਆ ਕਰਵਾਏ ਜਾ ਚੁੱਕੇ ਹਨ। ਸਰਕਾਰ ਬੂਟਿਆਂ ਦੀ ਸਾਂਭ ਸੰਭਾਲ ਲਈ ਲੋਕਾਂ ਦੀ ਸ਼ਮੂਲੀਅਤ ਬਨਾਉਣ ਪ੍ਰਤੀ ਵੀ ਵਚਨਬੱਧ ਹੈ।