ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸੰਮਨ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਸੰਮਨ ਹੋਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਸਿਆਸੀ ਪ੍ਰਤੀਕਿਰਿਆਵਾਂ ਵੇਖਣ ਨੂੰ ਮਿਲ ਰਹੀਆਂ ਹਨ। ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਇਨ੍ਹਾਂ ਸੰਮਨਾਂ ਨੂੰ ਸਿਆਸਤ ਤੋਂ ਪ੍ਰੇਰਤ ਕਰਾਰ ਦਿੱਤਾ ਹੈ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਸਿੰਘ ਨੇ ਕਿਹਾ ਕਿ ਚਾਰ ਸਾਲਾਂ ਬਾਅਦ ਈਡੀ ਦਾ ਜਾਗਣਾ ਕਿਤੇ ਨਾ ਕਿਸੇ ਕੇਂਦਰ ਸਰਕਾਰ 'ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਈਡੀ ਦੀ ਇਹ ਕਾਰਵਾਈ ਕਿਸੇ ਨਾ ਕਿਸੇ ਤਰੀਕੇ ਨਾਲ ਸਿਆਸਤ ਤੋਂ ਪ੍ਰੇਰਤ ਹੈ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਅਸੀਂ ਕਾਨੂੰਨ ਨੂੰ ਮੰਨਣ ਵਾਲੇ ਲੋਕ ਹਾਂ। ਅਸੀਂ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਾਂਗੇ।
ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਗ਼ੈਰ-ਕਾਨੂੰਨੀ ਪੈਸੇ ਦੇ ਮਾਮਲੇ ਵਿੱਚ ਤਲਬ ਕੀਤਾ ਹੈ। ਰਣਇੰਦਰ ਸਿੰਘ ਨੂੰ 2016 ਵਿੱਚ ਪਹਿਲਾਂ ਵੀ ਵਿਦੇਸ਼ੀ ਮੁਦਰਾ ਪ੍ਰਬੰਧ ਐਕਟ ਜਾਂ ਫ਼ੇਮਾ ਦਾ ਕਥਿਤ ਰੂਪ ਤੋਂ ਉਲੰਘਣ ਕਰਨ 'ਤੇ ਬੁਲਾਇਆ ਗਿਆ ਸੀ।