ਚੰਡੀਗੜ੍ਹ: ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਦੀਆਂ ਛਿੜੀਆਂ ਚਰਚਾਵਾਂ ਨੂੰ ਲੈ ਕੇ ਨੇਤਾ ਵਿਰੋਧੀ ਧਿਰ ਹਰਪਾਲ ਚੀਮਾ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਆਹਮਣੇ ਸਾਹਮਣੇ ਹੋ ਚੁੱਕੇ ਹਨ। ਆਪ ਵੱਲੋਂ ਇਕ ਪ੍ਰੈੱਸ ਨੋਟ ਜਾਰੀ ਕਰ ਜਿੱਥੇ ਕਿਹਾ ਜਾ ਰਿਹਾ ਹੈ ਕਿ ਅਕਾਲੀ ਦਲ ਡੈਮਕ੍ਰੇਟਿਕ ਨਾਲ ਉਹ ਗਠਜੋੜ ਨਹੀਂ ਕਰਨਗੇ, ਜਦਕਿ ਉਨ੍ਹਾਂ ਦੇ ਸਾਰੇ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣਗੇ।
ਚੀਮਾ ਨੇ ਗੱਲਬਾਤ ਦੌਰਾਨ ਇਹ ਵੀ ਕਿਹਾ ਕਿ ਚੌਥਾ ਫ਼ਰੰਟ ਪਾਰਲੀਮੈਂਟ ਚੋਣਾਂ ਵੇਲੇ ਵੀ ਖੜ੍ਹਾ ਕੀਤਾ ਗਿਆ ਸੀ, ਲੇਕਿਨ ਉਸਦਾ ਕੀ ਹਸ਼ਰ ਹੋਇਆ ਉਹ ਸਭ ਨੂੰ ਪਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਕੱਲਿਆਂ ਹੀ ਚੋਣ ਲੜੇਗੀ। ਹਾਲਾਂਕਿ ਉਨ੍ਹਾਂ ਕਿਹਾ ਕਿ ਇਹ ਵੀ ਸੱਚ ਹੈ ਕਿ ਰਾਘਵ ਚੱਢਾ ਦੀ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਹੋਈ ਹੈ ਅਤੇ ਉਹ ਜਲਦ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ।
ਦੂਜੇ ਪਾਸੇ ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਨੂੰ ਦੋ ਟੁੱਕ ਜਵਾਬ ਦਿੰਦਿਆਂ ਆਖਿਆ ਕਿ ਨਾ ਤਾਂ ਅਕਾਲੀ ਦਲ ਡੈਮੋਕ੍ਰੇਟਿਕ ਟੁੱਟੇਗਾ ਅਤੇ ਨਾ ਹੀ ਕਿਸੇ ਪਾਰਟੀ ਨੂੰ ਜੁਆਇਨ ਕਰੇਗਾ। ਉਨ੍ਹਾਂ ਕਿਹਾ ਕਿ ਹਾਲਾਂਕਿ ਸਮਝੌਤਾ ਕੀਤਾ ਜਾ ਸਕਦਾ ਹੈ ਪਰੰਤੂ ਜੋ ਆਮ ਆਦਮੀ ਪਾਰਟੀ ਵੱਲੋਂ ਸ਼ਾਮਿਲ ਹੋਣ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ, ਉਹ ਸਰਾਸਰ ਝੂਠ ਹਨ।
2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਿਚਾਲੇ ਗੱਠਜੋੜ ਜਾਂ ਸ਼ਾਮਲ ਹੋਣ ਦੀਆਂ ਖ਼ਬਰਾਂ ਤੋਂ ਪਹਿਲਾਂ ਹੀ ਇੱਕ ਦੂਜੇ ਦੇ ਸਾਹਮਣੇ ਆ ਚੁੱਕੇ ਹਨ। ਹੁਣ ਵੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿਚ ਪਰਮਿੰਦਰ ਢੀਂਡਸਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ ਜਾਂ ਫਿਰ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਚੌਥੇ ਫਰੰਟ ਲਈ ਆਗੂਆਂ ਨੂੰ ਇਕੱਠੇ ਕਰਨਗੇ।