ਚੰਡੀਗੜ੍ਹ: ਅੰਮ੍ਰਿਤਸਰ 'ਚ ਜਹਿਰੀਲੀ ਸ਼ਰਾਬ ਪੀਣ ਨਾਲ ਹੋਈ ਮੌਤ ਤੋਂ ਬਾਅਦ ਸਿਆਸਤ ਭਖਦੀ ਜਾ ਰਹੀ ਹੈ। ਵੱਖ-ਵੱਖ ਧਿਰ ਦੇ ਆਗੂ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਦਿਖਾਈ ਦੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਾਂਗਰਸ ਸਰਕਾਰ 'ਤੇ ਕਈ ਸਵਾਲ ਚੁੱਕੇ ਹਨ।
ਸਰਕਾਰ ਨੂੰ ਘੇਰਦਿਆਂ ਦਲਜੀਤ ਚੀਮਾ ਨੇ ਕਿਹਾ ਕਿ ਲੌਕਡਾਊਨ ਦੌਰਾਨ ਨਜ਼ਾਇਜ਼ ਸ਼ਰਾਬ ਦੇ ਘਪਲੇ ਬਾਰੇ ਕੋਈ ਵੀ ਕਾਰਵਾਈ ਦੀ ਠੋਸ ਜਾਣਕਾਰੀ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਵੇਚੀ ਜਾ ਰਹੀ ਹੈ, ਉਸ ਨੂੰ ਪੀਣ ਨਾਲ ਲੋਕਾਂ ਦੀ ਮੌਤ ਹੋ ਰਹੀ ਹੈ।
ਚੀਮਾ ਨੇ ਕਿਹਾ ਕਿ ਨਕਲੀ ਸ਼ਰਾਬ ਨਿਰੰਤਰ ਸਰਕਾਰ ਦੀ ਨੱਕ ਹੇਠ ਵਿਕ ਰਹੀ ਹੈ ਪਰ ਸਰਕਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਸਰਕਾਰ ਤੋ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਦੋਸ਼ੀਆਂ ਨੂੰ ਸਾਰਿਆਂ ਦੇ ਸਾਹਮਣੇ ਲਿਆਇਆ ਜਾਵੇ ਤੇ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਕੀ ਹੈ ਮਾਮਲਾ ?
ਅੰਮ੍ਰਿਤਸਰ ਦੇ ਥਾਣਾ ਤਰਸਿੱਕਾ ਦੇ ਅਧੀਨ ਪੈਂਦੇ ਪਿੰਡ ਮੁੱਛਲ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਪਿੰਡ ਦੇ 6 ਵਿਅਕਤੀਆਂ ਦੀ ਮੌਤ ਹੋ ਗਈ। ਜਿਨ੍ਹਾਂ ਲੋਕਾਂ ਦੀ ਮੌਤ ਹੋਈ ਉਹ ਸਾਰੇ ਹੀ ਗ਼ਰੀਬ ਪਰਿਵਾਰਾਂ ਨਾਲ ਸਬੰਧਤ ਹਨ।